ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਸੰਘਰਸ਼ ਦੀ ਗ਼ਲਤ ਤਸਵੀਰ ਪੇਸ਼ ਕਰਨ ਵਾਲਿਆਂ ਨੂੰ ਪਾਈ ਝਾੜ
ਕਿਸਾਨੀ ਸੰਘਰਸ਼ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਕੇਂਦਰ ਨੂੰ ਅਪੀਲ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮਨਜ਼ੂਰ ਕਰੇ। ਉਨ੍ਹਾਂ ਆਖਿਆ ਕਿ ਕੋਰੋਨਾ ਕਾਲ ਦੌਰਾਨ ਇਕ ਖੇਤੀਬਾੜੀ ਸੈਕਟਰ ਹੀ ਅਜਿਹਾ ਸੈਕਟਰ ਰਿਹਾ, ਜਿਸ ਨੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਕਿਸਾਨੀ ਸੰਘਰਸ਼ ਦੀ ਗ਼ਲਤ ਤਸਵੀਰ ਪੇਸ਼ ਕਰਨ ਵਾਲੇ ਮੀਡੀਆ ਨੂੰ ਵੀ ਝਾੜ ਪਾਈ। ਉਨ੍ਹਾਂ ਕਿਹਾ ਕਿ ਸਰਕਾਰਾਂ ਜੋ ਵੀ ਕਾਨੂੰਨ ਬਣਾਉਂਦੀਆਂ ਹਨ ਉਹ ਲੋਕ ਹਿੱਤ ਜਾਂ ਕਿਸਾਨਾਂ ਦੇ ਹਿੱਤ ਲਈ ਬਣਾਉਂਦੀਆਂ ਹਨ ਪਰ ਜੇਕਰ ਇਹ ਕਾਨੂੰਨ ਕਿਸਾਨਾਂ ਜਾਂ ਲੋਕਾਂ ਨੂੰ ਹੀ ਪ੍ਰਵਾਨ ਨਾ ਹੋਣ ਤਾਂ ਇਨ੍ਹਾਂ ਨੂੰ ਵਾਪਸ ਨਾ ਲੈਣਾ ਬਹੁਤ ਮੰਦਭਾਗੀ ਗੱਲ਼ ਹੈ।
ਜਥੇਦਾਰ ਨੇ ਕਿਹਾ ਕਿ ਇਹ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਰਕਾਰ ਨੂੰ ਕਿਸਾਨ ਧਿਰਾਂ ਜਾ ਖੇਤੀਬਾੜੀ ਮਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਤੇ ਲੋਕ ਸਭਾ ਤੇ ਰਾਜ ਸਭਾ ਵਿਚ ਵੀ ਇਨ੍ਹਾਂ ਕਾਨੂੰਨਾਂ 'ਤੇ ਬਹਿਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿਚ ਚੁੱਪ-ਚਪੀਤੇ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨਾ ਸਰਕਾਰ ਦੀ ਨੀਅਤ 'ਤੇ ਸ਼ੱਕ ਪੈਦਾ ਕਰਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਘੱਟ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਜ਼ਿਆਦਾ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਕਿਤੇ ਕਿਸਾਨਾਂ ਦੇ ਮਨ ਦੀ ਗੱਲ ਨੂੰ ਸਮਝੇ।
ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਘਰਸ਼ ਨੂੰ ਸਾਂਤਮਈ ਤਰੀਕੇ ਨਾਲ ਜਾਰੀ ਰੱਖਿਆ ਜਾਵੇ, ਕਿਉਂਕਿ ਸ਼ਾਤਮਈ ਤਰੀਕੇ ਨਾਲ ਕੀਤੇ ਗਏ ਸੰਘਰਸ਼ ਵਿਚ ਹਮੇਸ਼ਾਂ ਹੀ ਜਿੱਤ ਪ੍ਰਾਪਤ ਹੁੰਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਅ ਰਹੇ ਮੀਡੀਆ ਵਿਚੋਂ ਜ਼ਿਆਦਾਤਰ ਹਿੱਸਾ ਸਰਕਾਰ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦਾ ਇਸ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।