ਗੁਰਲਾਡ ਸਿੰਘ ਕਾਹਲੋਂ ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ.ਗੁਰਲਾਡ ਸਿੰਘ ਕਾਹਲੋਂ ਨੇ  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ...

Gurlad Singh Kahlon

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ.ਗੁਰਲਾਡ ਸਿੰਘ ਕਾਹਲੋਂ ਨੇ  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਅਕਾਲ ਤਖਤ ਦੇ ਹੁਕਮ ਮੁਤਾਬਕ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦਵਾਰਾ ਕਮੇਟੀ ਸਣੇ ਹੋਰਨਾਂ ਗੁਰਦਵਾਰਿਆਂ ਦੇ ਮੈਂਬਰਾਂ ਦਾ ਪੂਰਨ ਗੁਰਸਿੱਖ,  ਅੰਮ੍ਰਿਤਧਾਰੀ ਤੇ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਨੂੰ ਸਮਰਪਤ ਹੋਣਾ ਲਾਜ਼ਮੀ ਹੈ ਪਰ ਦਿੱਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਰਹਿਤ ਮਰਿਆਦਾ ਦੀ ਉਲੰਘਣਾ ਕਰਦੇ ਆ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ 'ਤੇ ਤਲਬ ਕਰ ਕੇ ਸਪੱਸ਼ਟੀਕਰਨ ਲਿਆ ਜਾਵੇ। 

ਉਨ੍ਹਾਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਕਰਦਾ ਹੈ ਤੇ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੈ, ਇਸ ਦੇ ਉਲਟ ਪਿਛਲੇ 6 ਸਾਲ ਤੋਂ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਦੀ ਜ਼ਿੰੰਮੇਵਾਰੀ ਨਿਭਾਅ ਰਹੇ ਮਨਜਿੰਦਰ ਸਿੰਘ ਸਿਰਸਾ ਰਹਿਤ ਮਰਿਆਦਾ ਦੀ ਉਲੰਘਣਾ ਕਰਦੇ ਹੋਏ ਦਾੜ੍ਹੀ ਰੰਗਦੇ ਆ ਰਹੇ ਹਨ। ਰਹਿਤ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਕਿਸੇ ਆਗੂ ਨੂੰ ਇਕ ਵੱਡੀ ਧਾਰਮਕ ਸੰਸਥਾ ( ਦਿੱਲੀ ਗੁਰਦਵਾਰਾ ਕਮੇਟੀ) ਦੇ ਮੁੱਖ ਅਹੁਦੇ ਦੀ ਜ਼ਿੰਮੇਵਾਰੀ ਕਿਸ ਤਰ੍ਹਾਂ ਸੌਂਪੀ ਜਾ ਸਕਦੀ ਹੈ ਅਤੇ ਉਸ ਕੋਲੋਂ ਕੌਮ ਦੇ ਭਲੇ ਦੀ ਆਸ ਕਿਸ ਤਰ੍ਹਾਂ ਕੀਤੀ ਜਾ ਸਕਦੀ ਹੈ? 

ਕਾਹਲੋਂ ਨੇ ਕਿਹਾ ਕਿ ਕਿਉਂਕਿ ਦਿੱਲੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਦਾ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੀ ਕੀਤਾ ਜਾਂਦਾ ਹੈ ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ  ਸੁਖਬੀਰ ਸਿੰਘ ਬਾਦਲ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਵੀ ਮਾਮਲੇ ਦੀ ਗੰਭੀਰਤਾ ਅਤੇ ਸਿੱਖੀ  ਭਾਵਨਾਵਾਂ ਨੂੰ ਧਿਆਨ 'ਚ ਰਖਦੇ ਹੋਏ ਦਿੱਲੀ ਕਮੇਟੀ ਦੇ ਮੁੱਖ ਅਹੁਦਿਆਂ ਦੀ ਜ਼ਿੰਮੇਵਾਰੀ ਅਜਿਹੇ ਮੈਂਬਰਾਂ ਨੂੰ ਸੌਂਪਣ ਜੋ ਗੁਰਮਤਿ ਦੇ ਧਾਰਣੀ ਅਤੇ ਰਹਿਤ ਮਰਿਆਦਾ ਦੀ ਪੂਰੀ ਪਾਲਣਾ ਕਰਦੇ ਹੋਣ।