ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਨੂੰ ਸੁਪਰੀਮ ਕੋਰਟ ਦੀ ਹਰੀ ਝੰਡੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਰ ਅਕਾਲ ਤਖ਼ਤ ਨੇ ਲਗਾਈ ਪਾਬੰਦੀ ਤੇ ਸੁਪਰੀਮ ਕੋਰਟ ਜਾਵੇਗੀ ਸ਼੍ਰੋਮਣੀ ਕਮੇਟੀ

Supreme Court

ਸੁਪਰੀਮ ਕੋਰਟ ਨੇ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਦੀ ਰਿਲੀਜ਼ 'ਤੇ ਅੱਜ ਰੋਕ ਹਟਾ ਦਿਤੀ ਅਤੇ ਸੂਬਿਆਂ ਨੂੰ ਕਿਹਾ ਕਿ ਉਹ ਫ਼ਿਲਮ ਦੇ ਬੇਰੋਕ ਪ੍ਰਦਰਸ਼ਨ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ। ਹੁਣ ਇਹ ਫ਼ਿਲਮ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਰਿਲੀਜ਼ ਹੋ ਜਾਵੇਗੀ। ਫ਼ਿਲਮ ਨਿਰਮਾਤਾ ਨੇ ਫ਼ਿਲਮ ਨੂੰ ਰੀਲੀਜ਼ ਕਰਵਾਉਣ ਲਈ ਸੁਪਰੀਮ ਕੋਰਟ 'ਚ ਅਰਜ਼ੀ ਦਿਤੀ ਸੀ ਜਿਸ ਮਗਰੋਂ ਅਦਾਲਤ ਨੇ ਫ਼ਿਲਮ ਰੀਲੀਜ਼ ਕਰਨ ਦੀ ਪ੍ਰਵਾਨਗੀ ਦੇ ਦਿਤੀ। ਹੁਣ ਇਹ ਫ਼ਿਲਮ 13 ਅਪ੍ਰੈਲ ਨੂੰ ਹੀ ਰੀਲੀਜ਼ ਹੋਵੇਗੀ। ਜ਼ਿਕਰਯੋਗ ਹੈ ਕਿ ਕੁੱਝ ਸਿੱਖ ਜਥੇਬੰਦੀਆਂ ਦੇ ਵਿਰੋਧ ਕਾਰਨ ਕਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਫ਼ਿਲਮ 'ਤੇ ਪੂਰਨ ਤੌਰ 'ਤੇ ਰੋਕ ਲਾ ਦਿਤੀ ਸੀ।ਮੁੱਖ ਜੱਜ ਦੀਪਕ ਮਿਸ਼ਰਾ, ਜਸਟਿਸ ਏ ਐਮ ਖ਼ਾਨਵਿਲਕਰ ਅਤੇ ਜਸਟਿਸ ਡੀ.ਵਾਈ ਚੰਦਰਚੂੜ ਦੇ ਬੈਂਚ ਨੇ ਸੂਬਿਆਂ ਨੂੰ ਕਾਨੂੰਨ ਅਤੇ ਪ੍ਰਬੰਧ ਦੀ ਹਾਲਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿਤੇ ਹਨ। ਜੱਜਾਂ ਨੇ ਕਿਹਾ ਕਿ ਕੁੱਝ ਲੋਕਾਂ ਦੇ ਸਮੂਹ ਵਲੋਂ ਕਲਾਕਾਰ ਦੀ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ 'ਤੇ ਰੋਕ ਨਹੀਂ ਲਾਈ ਜਾ ਸਕਦੀ। ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਚ ਕਿਹਾ ਕਿ ਇਸ ਮਾਮਲੇ ਵਿਚ ਫ਼ਿਲਹਾਲ ਸਰਕਾਰ ਦਖ਼ਲ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਫ਼ਿਲਮ ਨਿਰਮਾਤਾ ਨੇ ਹੀ ਸੂਬੇ ਵਿਚ ਫ਼ਿਲਮ ਨੂੰ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਫ਼ਿਲਮ ਦੇ ਨਿਰਮਾਤਾ ਵਲੋਂ ਇਸ ਨੂੰ ਰਿਲੀਜ਼ ਨਾ ਕਰਨ ਦੇ ਫ਼ੈਸਲੇ ਕਾਰਨ ਇਸ ਫ਼ਿਲਮ ਉਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗ਼ੈਰ-ਜ਼ਰੂਰੀ ਬਣ ਗਿਆ ਹੈ। ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਸ ਮੁੱਦੇ ਦੀ ਨਾਜ਼ੁਕਤਾ ਨੂੰ ਸਮਝਦਿਆਂ ਅਤੇ ਲੋਕਾਂ ਦੀਆਂ ਭਾਵਨਾਵਾਂ ਕਾਰਨ ਉਨ੍ਹਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਫ਼ਿਲਮ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿਤੀ ਗਈ ਹੈ।

ਨਾਨਕਸ਼ਾਹ ਫ਼ਕੀਰ ਫ਼ਿਲਮ ਕਦਾਚਿਤ ਵੀ ਰੀਲੀਜ਼ ਨਹੀਂ ਹੋ ਸਕਦੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਨਾਨਕਸ਼ਾਹ ਫ਼ਕੀਰ ਫ਼ਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ। ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੁਆਰਾ ਫ਼ਿਲਮ ਦੇ ਰਿਲੀਜ਼ ਦੇ ਰਾਹ ਵਿਚ ਅੜਿੱਕਾ ਡਾਹੁਣ ਲਈ ਆਲੋਚਨਾ ਕੀਤੀ। ਇਹ ਫ਼ਿਲਮ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਉਤੇ ਆਧਾਰਤ ਹੈ। ਪਟੀਸ਼ਨਰ ਹਰਿੰਦਰ ਸਿੰਘ ਸਿੱਕਾ ਨੇ ਅਦਾਲਤ ਵਿਚ ਪਹੁੰਚ ਕਰ ਕੇ ਕਿਹਾ ਸੀ ਕਿ ਉਸ ਦੀ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਕੁੱਝ ਲੋਕ ਨਿਜੀ ਹਿਤਾਂ ਲਈ ਫ਼ਿਲਮ ਦੀ ਰਿਲੀਜ਼ ਦੇ ਰਾਹ ਵਿਚ ਅੜਿੱਕਾ ਡਾਹ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਫ਼ਿਲਮ ਦੇ ਫ਼ੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ ਫ਼ਿਲਮ ਨਾਨਕਸ਼ਾਹ ਫ਼ਕੀਰ ਮਾਮਲੇ ਵਿਚ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫ਼ਿਲਮ 'ਤੇ ਰੋਕ ਲਗਾਉਣ ਦੀ ਹਮਾਇਤੀ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਹੀ ਫ਼ਿਲਮ 'ਤੇ ਰੋਕ ਸਬੰਧੀ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਜਾ ਚੁਕੇ ਹਨ। ਉਨ੍ਹਾਂ ਕਿਹਾ ਕਿ ਜੇ ਫ਼ਿਲਮ ਰੀਲੀਜ਼ ਹੁੰਦੀ ਹੈ ਤਾਂ ਸੰਗਤ ਅੰਦਰ ਰੋਸ ਵਧ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਸੁਣਿਆ ਨਹੀਂ ਗਿਆ ਤੇ ਇਕ ਪਾਸੜ ਫ਼ੈਸਲਾ ਸੁਣਾ ਦਿਤਾ ਗਿਆ, ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਖੇ ਨਜ਼ਰਸਾਨੀ ਪਟੀਸ਼ਨ ਪਾਈ ਜਾ ਰਹੀ ਹੈ।