ਸ਼ਹੀਦ ਹੁੰਦੇ ਨੇ ਕੌਮ ਦਾ ਸਰਮਾਇਆ : ਸਰਕਾਰੀਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਰਾਜ ਸਰਕਾਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲੇ ਦਾ 173ਵਾਂ ਸ਼ਹੀਦੀ ਦਿਹਾੜਾ ਅੱਜ ਗੇਟ ਵੇਅ ਆਫ਼ ਇੰਡੀਆ (ਨਰਾਇਣਗੜ੍ਹ) ਅਤੇ ਅਟਾਰੀ ਸਮਾਧ 'ਤੇ ਸ਼ਰਧਾ ਅਤੇ....

Cabinet Minister Sukhbinder Singh Sarkaria

ਅੰਮ੍ਰਿਤਸਰ : ਰਾਜ ਸਰਕਾਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲੇ ਦਾ 173ਵਾਂ ਸ਼ਹੀਦੀ ਦਿਹਾੜਾ ਅੱਜ ਗੇਟ ਵੇਅ ਆਫ਼ ਇੰਡੀਆ (ਨਰਾਇਣਗੜ੍ਹ) ਅਤੇ ਅਟਾਰੀ ਸਮਾਧ 'ਤੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਅਤੇ ਤਰਸੇਮ ਸਿੰਘ ਡੀ.ਸੀ. ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ ਤੇ  ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਜਰਨੈਲ ਅਟਾਰੀਵਾਲਾ ਨੂੰ ਸਲਾਮੀ ਦਿਤੀ ਗਈ।

ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ, ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜੀ ਲਈ ਚਾਨਣ ਮੁਨਾਰਾ ਰਹੇਗੀ। ਸ਼ਹੀਦ ਇਕ ਪਰਵਾਰ ਨਾਲ ਸਬੰਧਤ ਨਹੀਂ ਹੁੰਦੇ, ਉਹ ਕੌਮ ਦਾ ਸਰਮਾਇਆ ਹੁੰਦੇ ਹਨ। ਸ. ਸ਼ਾਮ ਸਿੰਘ ਅਟਾਰੀਵਾਲਾ ਨੇ 10 ਫ਼ਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫ਼ੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਅਪਣੇ ਆਪ ਵਿਚ ਮਿਸਾਲ ਹੈ। ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਉਹ ਸਿਖਿਆ ਮੰਤਰੀ ਨਾਲ ਗੱਲ ਕਰਨਗੇ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਨੂੰ ਵੀ ਸਕੂਲੀ ਕਿਤਾਬਾਂ ਵਿਚ ਸਿਲੇਬਸ ਵਜੋਂ ਸ਼ਾਮਲ ਕਰਨ। ਸਰਕਾਰੀਆ ਨੇ ਅਟਾਰੀ ਵਾਲਾ ਟਰੱਸਟ ਨੂੰ 5 ਲੱਖ ਰਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਦਸਿਆ ਕਿ ਇੰਡੀਆ ਗੇਟ ਦੀ ਦਿੱਖ ਨੂੰ ਸੰਵਾਰਨ ਲਈ ਸਰਕਾਰ ਵਲੋਂ ਇਕ ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।  ਸਰਕਾਰੀਆ ਵਲੋਂ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਪਰਵਾਰਕ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਹਲਕਾ ਵਿਧਾਇਕ ਤਰਸੇਮ ਸਿੰਘ ਡੀਸੀ ਨੇ ਵੀ ਇਸ ਮੌਕੇ ਸੰਬੋਧਨ ਕੀਤਾ।  

ਇਸ ਮੌਕੇ ਬ੍ਰਿਗੇਡੀਅਰ ਏ.ਪੀ.ਐਸ. ਚਾਹਲ, ਡੀਸੀ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਜਨਰਲ ਅਫ਼ਸਰ ਕਮਾਂਡਿੰਗ ਵੈਸਟਰਨ ਕਮਾਂਡ ਵਲੋਂ ਕੈਪਟਨ ਅਭਿਸ਼ੇਕ ਸ਼ੁਕਲਾ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।