ਐਮਾਜ਼ੋਨ ਤੇ ਫ਼ਲਿਪਕਾਰਟ ਨੂੰ ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦਾ ਮਾਮਲਾ

SGPC sent legal notice to Amazon and Flipkart

ਅੰਮ੍ਰਿਤਸਰ : ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜ਼ੋਨ ਤੇ ਫ਼ਲਿਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਤੇ ਫ਼ਲਿਪਕਾਰਟ ਵਲੋਂ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਵਿਰੁਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ 'ਤੇ ਕਾਰਵਾਈ ਕਰਦਿਆਂ ਉਕਤ ਦੋਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਨੂੰ ਕੰਪਨੀਆਂ ਵਲੋਂ ਜਾਣਬੁਝ ਕੀਤੀ ਗਈ ਹਰਕਤ ਕਰਾਰ ਦਿਤਾ ਹੈ। ਉਨ੍ਹਾਂ ਆਖਿਆ ਕਿ ਸਿੱਖੀ ਦੀਆਂ ਸ਼ਾਨਾਮੱਤੀਆਂ ਰਵਾਇਤਾਂ ਅਤੇ ਵਿਲੱਖਣ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਕੰਪਨੀਆਂ ਵਿਰੁਧ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਆਖਿਆ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੇ ਪਾਵਨ ਉਪਦੇਸ਼ਾਂ (ਗੁਰਬਾਣੀ) ਨੂੰ ਹੀ ਮੰਨਦੇ ਹਨ ਅਤੇ ਸਿੱਖੀ ਅੰਦਰ ਮੂਰਤੀ ਪੂਜਾ ਨੂੰ ਕੋਈ ਥਾਂ ਨਹੀਂ ਹੈ। ਇਸ ਲਈ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਨੂੰ ਵਿਕਰੀ 'ਤੇ ਲਗਾ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਅਤੇ ਜੇਕਰ ਇਨ੍ਹਾਂ ਨੇ ਤੁਰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਵਿਰੁਧ ਸਿਵਲ ਤੇ ਫ਼ੌਜਦਾਰੀ ਕਾਰਵਾਈ ਵੀ ਕੀਤੀ ਜਾਵੇਗੀ।