ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀਆਂ ਦੀ ਮਦਦ ਲਈ ਸ਼ਿਲਾਂਗ ਭੇਜਿਆ ਜਾਵੇਗਾ ਉੱਚ ਪਧਰੀ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼ਿਲਾਂਗ 'ਚ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਗ੍ਰਹਿ ਮੰਤਰੀ ਦੇਣ ਦਖ਼ਲ : ਭਾਈ ਲੌਂਗੋਵਾਲ

Shillong sikhs

ਅੰਮ੍ਰਿਤਸਰ : ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਿਲਾਂਗ ਵਿਖੇ ਇਕ ਉੱਚ ਪਧਰੀ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜਦੋਂ ਸ਼ਿਲਾਂਗ ਵਿਖੇ ਪੰਜਾਬੀ ਕਲੋਨੀ 'ਚ ਵਸਦੇ ਕੁੱਝ ਲੋਕਾਂ ਦੇ ਘਰਾਂ 'ਤੇ ਸਥਾਨਕ ਖਾਸੀ ਲੋਕਾਂ ਵਲੋਂ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਸੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਸ ਸਮੇਂ ਸ਼੍ਰੋਮਣੀ ਕਮੇਟੀ ਦੀ ਇਕ ਟੀਮ ਮੇਘਾਲਿਆ ਭੇਜੀ ਸੀ, ਜਿਸ ਨੇ ਪੀੜਤ ਇਲਾਕਾ ਨਿਵਾਸੀਆਂ ਦੀ ਮਦਦ ਕੀਤੀ ਸੀ। ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਸ਼ਿਲਾਂਗ 'ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਗ੍ਰਹਿ ਸਕੱਤਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦੋ ਸੌ ਸਾਲ ਤੋਂ ਸ਼ਿਲਾਂਗ 'ਚ ਵਸ ਰਹੇ ਪੰਜਾਬੀਆਂ ਨੂੰ ਜਾਣ-ਬੁਝ ਕੇ ਉਜਾੜੇ ਵੱਲ ਧੱਕਿਆ ਜਾ ਰਿਹਾ ਹੈ। ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਸ਼ਿਲਾਂਗ ਦੇ ਪੰਜਾਬੀਆਂ ਨਾਲ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਸੰਗਮਾ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਨਾਲ ਵੀ ਮਾਮਲੇ ਸਬੰਧੀ ਗੱਲਬਾਤ ਕਰੇਗਾ।

ਉਨ੍ਹਾਂ ਦਸਿਆ ਕਿ ਸ਼ਿਲਾਂਗ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸ਼ਾਮਲ ਹਨ। ਇਨ੍ਹਾਂ ਨਾਲ ਮੁਖਤਾਰੇਆਮ ਸ. ਸਿਮਰਜੀਤ ਸਿੰਘ ਵੀ ਜਾਣਗੇ। ਭਾਈ ਲੌਂਗੋਵਾਲ ਨੇ ਸ਼ਿਲਾਂਗ ਦੇ ਪੰਜਾਬੀਆਂ ਨੂੰ ਭਰੋਸਾ ਦਿਤਾ ਕਿ ਸ਼੍ਰੋਮਣੀ ਕਮੇਟੀ ਮੁਸ਼ਕਲ ਦੇ ਸਮੇਂ ਉਨ੍ਹਾਂ ਨਾਲ ਹੈ ਅਤੇ ਉਨ੍ਹਾਂ ਦਾ ਉਜਾੜਾ ਰੋਕਣ ਲਈ ਲੋੜੀਂਦੀ ਕਾਰਵਾਈ ਵੀ ਕਰੇਗੀ।