ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਾਂਝੇ ਸਮਾਗਮਾਂ ਦਾ ਮਤਲਬ ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਸਰਕਾਰੀ ਸਮਾਗਮ ਨਹੀਂ - ਭਾਈ ਲੌਂਗੋਵਾਲ

Bhai Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਾਂਝੇ ਸਮਾਗਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਨੂੰ ਮੰਨਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਨਹੀਂ ਦੇਣਾ ਚਾਹੀਦਾ ਕਿ 550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਇਆ ਜਾਣਾ ਚਾਹੀਦਾ ਹੈ, ਸਗੋਂ ਤਾਲਮੇਲ ਕਮੇਟੀ ਰਾਹੀਂ ਵਿਚਾਰ ਕਰਨੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਾਜ਼ਾ ਆਦੇਸ਼ਾਂ ਅਨੁਸਾਰ ਤਾਲਮੇਲ ਕਮੇਟੀ ਦੀ 17 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਾਰ ਮੁੜ ਇਕੱਤਰਤਾ ਰੱਖ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਇਸ ਵਿਚ ਆਪਣੇ ਨੁਮਾਇੰਦੇ ਭੇਜਣ ਲਈ ਸੰਜੀਦਗੀ ਵਿਖਾਉਣ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦੀ ਪਹਿਲਾਂ ਵੀ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਤਾਲਮੇਲ ਕਮੇਟੀ ਬਣਾਉਣ ਦੇ ਦਿੱਤੇ ਸੁਝਾਅ ਮਗਰੋਂ ਸ਼੍ਰੋਮਣੀ ਕਮੇਟੀ ਇਸ ਵਾਸਤੇ ਦੋ ਮੀਟਿੰਗਾਂ ਸੱਦ ਚੁੱਕੀ ਹੈ, ਪਰ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਗੱਲਬਾਤ ਲਈ ਕਈ ਪੱਤਰ ਲਿਖੇ ਗਏ ਅਤੇ ਨਿੱਜੀ ਮਿਲਣੀ ਕਰਕੇ ਵੀ ਅਪੀਲ ਕੀਤੀ ਗਈ, ਪਰੰਤੂ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਅਜਿਹਾ ਗੈਰ ਸਹਿਯੋਗੀ ਵਤੀਰਾ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਰਾਹ ਵਿਚ ਰੋੜਾ ਬਣਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਸ ਮੁਤਾਬਿਕ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਅਜਿਹੇ ਬਿਆਨ ਦੇ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰ-ਖੇਤਰ ਨੂੰ ਸੀਮਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਸਿਰਫ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਸਮਾਗਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਂਝੇ ਸਮਾਗਮਾਂ ਦਾ ਮਤਲਬ ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਸਰਕਾਰੀ ਸਮਾਗਮ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਅਜਿਹਾ ਅੜੀਅਲ ਵਤੀਰਾ ਛੱਡਣ।

ਮੁੱਖ ਮੰਤਰੀ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਲਈ ਅਪੀਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਨ ਦਾ ਮਤਲਬ ਸਿੱਖਾਂ ਦੀ ਇਸ ਸਰਬਉੱਚ ਸੰਸਥਾ ਵੱਲੋਂ ਦਿੱਤੇ ਸੁਝਾਵਾਂ ਅਤੇ ਨਿਰਦੇਸ਼ਾਂ ਦਾ ਸਤਿਕਾਰ ਕਰਨਾ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਇਹ ਵੀ ਗਲਤ ਬਿਆਨੀ ਕੀਤੀ ਹੈ ਕਿ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਸਹਿਯੋਗ ਕਰ ਰਹੀ ਹੈ, ਜਦਕਿ ਤੱਥ ਕੁਝ ਹੋਰ ਬੋਲਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਭ ਸਾਹਮਣੇ ਹੈ ਕਿ ਕਿਸ ਤਰ੍ਹਾਂ ਸਰਕਾਰ ਨੇ ਤਾਲਮੇਲ ਕਮੇਟੀ ਵਾਸਤੇ ਆਪਣੇ ਨੁੰਮਾਇਦੇ ਨਾਮਜ਼ਦ ਕਰਨ ਲਈ ਵਾਰ-ਵਾਰ ਭੇਜੀਆਂ ਚਿੱਠੀਆਂ ਅਤੇ ਨਿੱਜੀ ਅਪੀਲਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਪੂਰੀ ਦੁਨੀਆਂ 'ਚ ਬੈਠੀ ਸੰਗਤ ਚਾਹੁੰਦੀ ਹੈ ਕਿ ਸਿੱਖ ਭਾਈਚਾਰਾ ਇਨ੍ਹਾਂ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਵੇ, ਪਰ ਪੰਜਾਬ ਸਰਕਾਰ ਖੁਦ ਨੂੰ ਇਸ ਸਮਾਗਮ ਦੀ ਮੁੱਖ ਕਰਤਾ-ਧਰਤਾ ਬਣਾਉਣ 'ਤੇ ਤੁਲੀ ਹੋਈ ਹੈ। ਇਹ ਸਭ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਦੇ ਸਿਧਾਂਤਾਂ ਦੇ ਖ਼ਿਲਾਫ ਹੈ। ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਅ ਮੰਨਣ ਦੀ ਮੁੜ ਅਪੀਲ ਕਰਦਿਆਂ ਭਾਈ ਲੌਂਗੋਵਾਲ ਨੇ ਸਾਂਝੀ ਤਾਲਮੇਲ ਕਮੇਟੀ ਦੀ 17 ਸਤੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਾਸਤੇ ਆਪਣੇ ਦੋ ਨੁੰਮਾਇਦੇ ਭੇਜਣ ਲਈ ਕਿਹਾ ਤਾਂ ਕਿ ਸਮੁੱਚੀ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਇਆ ਜਾ ਸਕੇ।