ਧਾਰਮਕ ਸਜ਼ਾ ਪੂਰੀ ਕਰਨ ਤੋਂ ਬਾਅਦ ਅਕਾਲੀ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
ਅਕਾਲੀ ਆਗੂਆਂ ਨੇ ਜਥੇਦਾਰ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕੀਤੇ ਜਾਣ ਸੰਬੰਧੀ ਗੱਲਬਾਤ ਕੀਤੀ।
ਅੰਮ੍ਰਿਤਸਰ: ਬੀਤੇ ਦਿਨੀਂ ਭੰਗ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਦੇ ਨਾਲ ਸਬੰਧਤ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਗਗਨਦੀਪ ਸਿੰਘ ਬਰਨਾਲਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਬੀਬੀ ਕਿਰਨਜੋਤ ਕੌਰ, ਸੰਤਾ ਸਿੰਘ ਉਮੇਦਪੁਰੀ ਤੇ ਹੋਰ ਅਕਾਲੀ ਆਗੂਆਂ ਦਾ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ। ਪ੍ਰਾਪਤ ਵੇਰਵਿਆਂ ਅਨੁਸਾਰ ਇਨ੍ਹਾਂ ਸੀਨੀਅਰ ਅਕਾਲੀ ਆਗੂਆਂ ਨੇ ਜਥੇਦਾਰ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕੀਤੇ ਜਾਣ ਸੰਬੰਧੀ ਗੱਲਬਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧਨਵਾਦ ਕਰਨ ਪਹੁੰਚੇ ਹਨ ਅਤੇ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਇਆ ਗਿਆ ਸੀ, ਪੂਰੀ ਕੌਮ ਨੇ ਉਸ ਫ਼ੈਸਲੇ ਨੂੰ ਸਵੀਕਾਰ ਕੀਤਾ ਹੈ। ਜੋ ਜਥੇਦਾਰ ਸਾਹਿਬ ਵਲੋਂ ਫ਼ੈਸਲਾ ਦਿੱਤਾ ਸੀ ਉਸ ਦੀ ਅਸੀਂ ਪਾਲਣਾ ਕਰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਨੂੰ ਵੀ ਕੁਝ ਦਿਨ ਪਹਿਲਾਂ ਸਮੇਟ ਦਿੱਤਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਅਸੀਂ ਸਾਰੇ ਇਕੱਠੇ ਹੋਵਾਂਗੇ। ਇਸ ਦੇ ਨਾਲ ਹੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਉਹਨਾਂ ਨੂੰ ਧਾਰਮਿਕ ਸਜ਼ਾ ਲੱਗੀ ਸੀ ਉਸ ਨੂੰ ਪੂਰਾ ਕੀਤਾ।