ਬਰਗਾੜੀ ਇਨਸਾਫ਼ ਮੋਰਚੇ ਦੇ ਹੱਕ ’ਚ ਪੰਜ ਸਿੰਘਾਂ ਦੇ 9ਵੇਂ ਜਥੇ ਨੇ ਦਿਤੀ ਗਿ੍ਰਫ਼ਤਾਰੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸੱਭ ਤੋਂ ਜ਼ਿਆਦਾ ਸਿੱਖਾਂ ਦਾ ਹੋਣ ਦੇ ਬਾਵਜੂਦ ਵੀ ਪੰਥ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਿਸੇ ਵੀ ਸਰਕਾਰ ਨੇ ਧਿਆਨ ਦੇਣ ਦੀ ਜ਼ਰੂਰਤ ਹੀ ਨਹੀਂ ਸਮਝੀ।

File Photo

ਕੋਟਕਪੂਰਾ(ਗੁਰਿੰਦਰ ਸਿੰਘ) : ਦੇਸ਼ ਦੀ ਆਜ਼ਾਦੀ ਲਈ ਸੱਭ ਤੋਂ ਜ਼ਿਆਦਾ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ, ਇਸ ਤੋਂ ਇਲਾਵਾ ਦੇਸ਼ ਦੀ ਤਰੱਕੀ ਲਈ ਯੋਗਦਾਨ ਵੀ ਸੱਭ ਤੋਂ ਜ਼ਿਆਦਾ ਸਿੱਖਾਂ ਦਾ ਹੋਣ ਦੇ ਬਾਵਜੂਦ ਵੀ ਪੰਥ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਿਸੇ ਵੀ ਸਰਕਾਰ ਨੇ ਧਿਆਨ ਦੇਣ ਦੀ ਜ਼ਰੂਰਤ ਹੀ ਨਹੀਂ ਸਮਝੀ। ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਜਮਹੂਰੀਅਤ ਵਿਚ ਹਮੇਸ਼ਾ ਬਹੁਗਿਣਤੀ ਦੀ ਸੁਣਵਾਈ ਹੁੰਦੀ ਹੈ, ਜਦਕਿ ਘੱਟ ਗਿਣਤੀ ਨੂੰ ਅਕਸਰ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ। 

ਜਸਕਰਨ ਸਿੰਘ ਕਾਹਨਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਬਲਕਾਰ ਸਿੰਘ ਭੁੱਲਰ, ਗੁਰਦੀਪ ਸਿੰਘ ਢੁੱਡੀ, ਗੁਰਸੇਵਕ ਸਿੰਘ ਜਵਾਹਰਕੇ ਆਦਿ ਨੇ ਆਖਿਆ ਕਿ ਪੰਥ ਨਾਲ ਗ਼ਦਾਰੀਆਂ ਕਰਨ ਦੇ ਬਾਵਜੂਦ ਵੀ ਬਾਦਲਾਂ ਨੇ ਪੰਥ ਦੇ ਨਾਂਅ ’ਤੇ ਵੋਟਾਂ ਬਟੋਰ ਕੇ ਪੰਜ ਵਾਰ ਸੱਤਾ ਦਾ ਆਨੰਦ ਮਾਣਿਆ। ਉਨ੍ਹਾਂ ਦਾਅਵਾ ਕੀਤਾ ਕਿ ਬਾਦਲਾਂ ਦੇ ਰਾਜ ਦੌਰਾਨ ਹੀ ਸੱਭ ਤੋਂ ਜ਼ਿਆਦਾ ਸਿੱਖ ਨੌਜਵਾਨਾਂ ਦਾ ਘਾਣ ਹੋਇਆ, ਤਸ਼ੱਦਦ ਕੀਤਾ ਗਿਆ ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਉਹ ਫਿਰ ਸਿੱਖੀ ਦੇ ਨਾਂਅ ’ਤੇ ਵੋਟਾਂ ਬਟੋਰਨ ਦੀ ਵਿਉਂਤਬੰਦੀ ਕਰ ਰਹੇ ਹਨ।

ਬਰਗਾੜੀ ਇਨਸਾਫ਼ ਮੋਰਚੇ ਦੇ ਹੱਕ ਵਿਚ ਪਟਿਆਲਾ ਜ਼ਿਲ੍ਹੇ ਦੇ ਪੰਜ ਸਿੰਘਾਂ ਹਰਦੀਪ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ, ਮੋਹਨ ਸਿੰਘ ਨੇ ਅਰਦਾਸ ਬੇਨਤੀ ਕਰਨ ਉਪਰੰਤ ਸਤਿਨਾਮ ਵਾਹਿਗੁੁਰੂ ਦਾ ਜਾਪ ਕਰਦਿਆਂ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਲਾ ਕੇ ਗਿ੍ਰਫ਼ਤਾਰੀ ਦਿਤੀ।