ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ 'ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਾਕਿ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫ਼ੀਸ ਜਾਇਜ਼ ਨਹੀਂ

Bhai Longowal welcomes Indian govt decision to remove 312 Sikhs from blacklist

ਅੰਮ੍ਰਿਤਸਰ : ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫ਼ੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪਾਕਿਸਤਾਨ ਸਰਕਾਰ ਵਲੋਂ 20 ਡਾਲਰ ਦੀ ਲਗਾਈ ਜਾ ਰਹੀ ਫ਼ੀਸ ਮੁਆਫ਼ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਿੱਖਾਂ ਦੀਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ 'ਤੇ ਕਿਸੇ ਕਿਸਮ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ।

ਸ਼ਰਧਾਲੂਆਂ ਨੂੰ ਬਿਨਾ ਕਿਸੇ ਫੀਸ 'ਤੇ ਆਪਣੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਅੰਦਰ ਸੰਗਤਾਂ ਫ਼ੀਸ ਦੇ ਕੇ ਨਹੀਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਫੀਸ ਹਟਾਉਣ ਲਈ ਪਾਕਿਸਤਾਨ ਸਰਕਾਰ ਨੂੰ ਆਖਣ।