ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਹੋਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਵੇਂ ਪ੍ਰਧਾਨ ਦੀ ਚੋਣ ਲਈ ਸਾਰੇ ਹੱਕ ਸੁਖਬੀਰ ਸਿੰਘ ਬਾਦਲ ਨੂੰ ਦਿਤੇ

Shiromani Gurdwara Parbandhak Committee

ਅੰਮ੍ਰਿਤਸਰ :ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਦੀ ਚੋਣ ਹੋ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪੁੱਜੇ। ਉਨ੍ਹਾਂ ਦੇਰ ਸ਼ਾਮ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਅਹਿਮ ਬੈਠਕ ਕੀਤੀ। ਇਸ ਬੈਠਕ ਵਿਚ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਜਥੇਦਾਰ ਅਵਤਾਰ ਸਿੰਘ ਮੱਕੜ, ਕ੍ਰਿਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ (ਸਾਬਕਾ ਪ੍ਰਧਾਨ), ਅਤੇ ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ

ਨੂੰ ਦਿੰਦਿਆਂ ਕਿਹਾ ਕਿ ਉਹ ਜੋ ਵੀ ਫ਼ੈਸਲਾ ਕਰਨਗੇ, ਸੱਭ ਨੂੰ ਮੰਜ਼ੂਰ ਹੋਵੇਗਾ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਕਿਹਾ ਕਿ ਟਕਸਾਲੀ ਅਕਾਲੀ ਆਗੂ ਪਾਰਟੀ ਦੀ ਦੇਣ ਹਨ। ਟਕਸਾਲੀ ਅਕਾਲੀਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਦੇ ਬਾਗੀ ਹੋਣ ਤੇ ਉਨ੍ਹਾਂ ਨੂੰ ਪਾਰਟੀ ਚੋਂ ਕੱਢਣ ਦਾ ਫ਼ੈਸਲਾ ਮੇਰਾ ਨਹੀਂ, ਸ਼੍ਰੋਮਣੀ ਅਕਾਲੀ ਦਲ ਦਾ ਹੈ। ਬਰਗਾੜੀ ਤੇ ਬਹਿਬਲ ਕਾਂਡ ਸਬੰਧੀ ਸਿੱਟ ਵੱਲੋਂ ਜਾਰੀ ਸੰਮਨਾਂ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੇਸ਼ੀ ਭੁਗਤਣ ਆਉਂਣਗੇ। ਉਹ ਚਾਹੁੰਦੇ ਹਨ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਹੋਣ।

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜ਼ੋਰ ਦਿਤਾ ਕਿ ਉਹ ਵਿਰੋਧੀ ਧਿਰ ਦੇ ਦੋਸ਼ਾਂ ਦਾ ਮੁਕਾਬਲਾ ਕਰਨ ਲਈ ਅੱਗੇ ਆਉਂਣ। ਸ਼੍ਰੋਮਣੀ ਅਕਾਲੀ ਦਲ ਵਿਚ ਸੰਕਟ ਹੈ। ਇਸ ਔਖੇ ਸਮੇਂ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸਾਥ ਦੇਣਾ ਚਾਹੀਦਾ ਹੈ ਪਰ ਬੜਾ ਅਫ਼ਸੋਸ ਹੈ ਕਿ ਅਪਣੇ ਹੀ ਸਾਡਾ ਸਾਥ ਦੇਣ ਦੀ ਥਾਂ ਵਿਰੋਧਤਾ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਾਹੀਦਾ ਹੈ ਕਿ ਉਹ ਸੱਭ ਨੂੰ ਨਾਲ ਲੈ ਕੇ ਚੱਲਣ। ਮੈਂ ਕਦੇ ਵੀ ਸ਼੍ਰੋਮਣੀ ਕਮੇਟੀ ਮਾਮਲਿਆਂ ਵਿਚ ਦਖ਼ਲ ਨਹੀਂ ਦਿਤਾ।

ਗੁਰਦੁਆਰਾ ਪ੍ਰਬੰਧਾਂ ਵਿਚ ਦੁਰਵਰਤੋਂ ਨਹੀਂ ਹੋਣੀ ਚਾਹੀਦੀ, ਜੇ ਕਿਸੇ ਮੈਂਬਰ ਨੇ ਮੇਰੇ ਕੋਲੋਂ ਗ਼ਲਤ ਕੰਮ ਕਰਵਾਇਆ ਹੈ ਤਾਂ ਉਸ ਪਾਪ ਦਾ ਜ਼ਿੰਮੇਵਾਰ ਮੈਂ ਬਣਾਂਗਾ। ਇਸ ਮੌਕੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਰਟੀ ਪ੍ਰਧਾਨ ਤੇ ਸਮੂਹ ਮੈਂਬਰਾਂ ਦਾ ਧਨਵਾਦ ਕਰਦਿਆਂ ਕਿਹਾ,''ਮੈਂ ਅਪਣੀ ਸੂਝ-ਬੂਝ ਮੁਤਾਬਕ ਸੇਵਾ ਕੀਤੀ ਹੈ, ਇਸ ਲਈ ਉਹ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦਾ ਧਨਵਾਦ ਕਰਦੇ ਹਨ।'' ਜ਼ਿਕਰਯੋਗ ਹੈ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋ ਰਿਹਾ ਹੈ,

ਜਿਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ। ਇਹ ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਹਨ। 15 ਮੈਂਬਰ ਨਾਮਜਦ ਹਨ। 6 ਸਿੰਘ ਸਾਹਿਬਾਨ ਬਤੌਰ ਮੈਂਬਰ ਸ਼ਾਮਿਲ ਹੁੰਦੇ ਹਨ। 9 ਸ਼੍ਰੋਮਣੀ ਕਮੇਟੀ ਮੈਂਬਰ ਚਲਾਣਾ ਕਰ ਗਏ ਹਨ। 2 ਮੈਂਬਰ ਸੁੱਚਾ ਸਿੰਘ ਲੰਗਾਹ ਤੇ ਸ਼ਰਨਜੀਤ ਸਿੰਘ ਅਸਤੀਫ਼ਾ ਦੇ ਚੁਕੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਵੀ ਕੀਤਾ।

Related Stories