ਸੰਮਤ ਨਾਨਕਸ਼ਾਹੀ 551 ਦੀ ਆਮਦ 'ਤੇ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗਿਆਨੀ ਜਗਤਾਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ

Gurudwara Manji Sahib

ਅੰਮ੍ਰਿਤਸਰ : ਸੰਮਤ ਨਾਨਕਸ਼ਾਹੀ 551 ਦੀ ਆਮਦ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਗਿਆਨੀ ਹਰਪ੍ਰੀਤ ਨੇ ਆਪਣੇ ਸੰਬੋਧਨ ਦੌਰਾਨ ਜਿਥੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿਤੀ, ਉੱਥੇ ਹੀ ਉਨ੍ਹਾਂ ਸੰਗਤਾਂ ਨੂੰ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਧਾਰਨੀ ਬਣਨਾ ਚਾਹੀਦਾ ਹੈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਈ।