ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਦਿਲਾਵਰ ਸਿੰਘ ਤੇ ਗਿਆਨੀ ਭਗਵਾਨ ਸਿੰਘ ਦੀਆਂ ਤਸਵੀਰਾਂ ਸਥਾਪਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ

Portraits of Bhai Dilawar Singh and Giani Bhagwan Singh at the Central Sikh Museum

 

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ ਗਈਆਂ, ਜਿਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।


Portrait of Bhai Dilawar Singh at the Central Sikh Museum

ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਭਾਈ ਦਿਲਾਵਰ ਸਿੰਘ ਨੇ ਸਿੱਖਾਂ ਵਿਰੁੱਧ ਤਤਕਾਲੀ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਸ਼ਹੀਦੀ ਦੇ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਗੁਰੂ ਬਖ਼ਸ਼ਿਸ ਬਿਨਾ ਸੰਭਵ ਨਹੀਂ ਹੁੰਦਾ ਅਤੇ ਜਦੋਂ-ਜਦੋਂ ਵੀ ਕੌਮ ’ਤੇ ਜ਼ੁਲਮ ਹੋਏ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ।

Portraits of Bhai Dilawar Singh and Giani Bhagwan Singh at the Central Sikh Museum

ਐਡਵੋਕੇਟ ਧਾਮੀ ਨੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ। ਇਸ ਦੌਰਾਨ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ।