ਦਰਬਾਰ ਸਾਹਿਬ 'ਚ ਬਣੇ ਵਿਰਾਸਤੀ ਮਾਰਗ ਦੀ ਮੰਦੀ ਹਾਲਤ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ...........

Bhai Gobind Singh Longowal

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਕੀਤੀ ਜਾ ਰਹੀ ਅਣਦੇਖੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਦੀ ਯਾਦਗਾਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ ਸਰਕਾਰ ਵੱਲੋਂ ਨੌਜਵਾਨੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਇਤਿਹਾਸਿਕ ਯਾਦਗਾਰਾਂ ਬਣਾਈਆਂ ਗਈਆਂ ਸਨ,

ਜਿਨ੍ਹਾਂ ਨੂੰ ਦੇਖ ਕੇ ਸਾਡੇ ਸ਼ਾਨਾਂਮੱਤੇ ਵਿਰਸੇ ਦੀ ਤਸਵੀਰ ਉਜਾਗਰ ਹੁੰਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਯਾਦਗਾਰਾਂ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਸਰਕਾਰ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ।  ਯਾਦਗਾਰਾਂ ਨਿੱਜੀ ਹੱਥਾਂ ਵਿਚ ਜਾਣ ਨਾਲ ਇਨ੍ਹਾਂ 'ਤੇ ਕਾਬਜ ਲੋਕ ਮਨਮਰਜੀ ਕਰਨਗੇ ਅਤੇ ਲੋਕਾਂ ਦੀ ਵੱਡੇ ਪੱਧਰ 'ਤੇ ਲੁੱਟ ਖਸੁੱਟ ਸ਼ੁਰੂ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਹੋਰ ਨਵੀਆਂ ਇਤਿਹਾਸਕ ਯਾਦਗਾਰਾਂ ਉਸਾਰਦੀ ਪਰ ਇਹ ਤਾਂ ਪਹਿਲੀਆਂ ਨੂੰ ਵੀ ਸਾਂਭਣ ਤੋਂ ਕਿਨਾਰਾ ਕਰ ਰਹੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪਹਿਲਾਂ ਵੀ ਯਾਦਗਾਰਾਂ ਵਿਚ ਲੋਕ ਸਹੂਲਤਾਂ ਦੀ ਅਣਹੋਂਦ ਦੀਆਂ ਖਬਰਾਂ

ਸਾਹਮਣੇ ਆ ਚੁੱਕੀਆਂ ਹਨ ਅਤੇ ਹੁਣ ਇਨ੍ਹਾਂ ਦੇ ਨਿੱਜੀਕਰਨ ਕਰਨ ਦੀ ਗੱਲ ਨੇ ਸਰਕਾਰ ਦੀ ਕਾਰਜਸ਼ੈਲੀ ਨੂੰ ਸਵਾਲਾਂ ਦੇ ਘੇਰੇ ਵਿਚ ਲੈ ਆਂਦਾ ਹੈ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਆਉਂਦੇ ਰਸਤੇ ਨੂੰ ਅਕਾਲੀ ਸਰਕਾਰ ਵੇਲੇ ਵਿਰਾਸਤੀ ਦਿੱਖ ਦੇ ਕੇ ਸੰਵਾਰਿਆ ਗਿਆ ਸੀ ਪਰ ਇਥੇ ਵੀ ਮੌਜੂਦਾ ਸਰਕਾਰ ਦੀ ਅਣਗਹਿਲੀ ਕਾਰਨ ਸਾਫ ਸਫਾਈ ਦਾ ਮੰਦਾ ਹਾਲ ਹੈ ਅਤੇ ਇਸ ਦੀ ਸਾਂਭ ਸੰਭਾਲ ਨਾ ਹੋਣ ਕਾਰਨ ਇਸ ਦੀ ਦਿੱਖ ਵਿਗੜ ਰਹੀ ਹੈ। 

Related Stories