ਕਿਤਾਬ ਮਾਮਲੇ 'ਚ ਮੁੱਖ ਮੰਤਰੀ ਸਿੱਖਾਂ ਕੋਲੋਂ ਮਾਫ਼ੀ ਮੰਗੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ

CM Punjab should apologize on Books Matter

ਸ.ਸ.ਸ, 14 ਨਵੰਬਰ: ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ। ਸੰਗਤ ਨੂੰ ਅਪੀਲ ਕੀਤੀ ਗਈ ਕਿ ਗੁਰੂ ਸਾਹਿਬ ਜੀ ਦੇ ਇਸ ਮੁਬਾਰਕ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮੁੱਚੇ ਸਮਾਗਮਾਂ ਵਿਚ ਭਰਪੂਰ ਸ਼ਮੂਲੀਅਤ ਕੀਤੀ ਜਾਵੇ।

 ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਪੁਰਜ਼ੋਰ ਮੰਗ ਕੀਤੀ ਗਈ। ਹਿੰਦ ਪਾਕਿ ਸਰਕਾਰਾਂ ਨੂੰ ਲਾਂਘਾ ਦੇਣ ਦੀ ਬੇਨਤੀ ਕੀਤੀ ਗਈ। ਇਤਿਹਾਸਕ ਪੁਰਬ ਮਨਾਉਣ ਲਈ ਸੰਗਤਾਂ ਨੂੰ ਵੱਧ-ਵੱਧ ਵੀਜ਼ੇ ਵੀ ਦਿਤੇ ਜਾਣ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀ ਫੜਨ ਦੀ ਮੰਗ ਕੀਤੀ ਗਈ। 

ਫ਼ੌਜੀ ਹਮਲੇ ਦੀ ਨਿਖੇਧੀ ਕਰਦਿਆਂ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਦੀ ਆਲੋਚਨਾ ਕੀਤੀ ਗਈ। ਸਿੱਖਾਂ ਨੂੰ ਵਿਦੇਸ਼ਾਂ ਅੰਦਰ ਨਫ਼ਰਤੀ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਦੇਸ਼ਾਂ ਦੇ ਏਅਰਪੋਰਟਾਂ 'ਤੇ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ, ਇਸ ਲਈ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਭਾਰਤ ਅੰਦਰ ਹੁੰਦੀਆਂ ਮੁਕਾਬਲਾ ਪ੍ਰੀਖਿਆਵਾਂ ਵਿਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਹਿਨ ਕੇ ਬੈਠਣ ਤੋਂ ਰੋਕਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਫ਼ਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜ਼ਾਕੀਆਂ ਲਹਿਜ਼ੇ ਵਿਚ ਪੇਸ਼ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ ਗਈ। ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪੁਸਤਕ 'ਚ ਗੁਰ-ਇਤਿਹਾਸ ਤੇ ਸਿੱਖ-ਇਤਿਹਾਸ ਨਾਲ ਛੇੜ-ਛਾੜ ਕਰਨ ਦੀ ਨਿੰਦਾ ਕੀਤੀ ਗਈ। ਕਿਹਾ ਗਿਆ ਕਿ ਮੁੱਖ ਮੰਤਰੀ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਤੇ ਸਿਖਿਆ ਮੰਤਰੀ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਜਾਵੇ। ਜਿਹੜੇ ਅਖੌਤੀ ਵਿਦਵਾਨ, ਲੇਖਕ ਇਸ ਸਾਜ਼ਸ਼ ਵਿਚ ਸ਼ਾਮਲ ਹਨ, ਉਨ੍ਹਾਂ ਵਿਰੁਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ।