ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਗ੍ਰੰਥੀ ਸਿੰਘਾਂ ਨੂੰ ਮਾਣ-ਸਤਿਕਾਰ ਦੇਣ ਲਈ ਵਚਨਬੱਧ: ਜਥੇ:ਜੱਲ੍ਹਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜਥੇਦਾਰ ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਦੇ ਜੀਵਨ...

Jathedar Harpal Singh Jala with Others

ਲੁਧਿਆਣਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਣਦਾ ਮਾਣ ਸਤਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਅਪਣੇ ਆਪ ਵਿਚ ਇਕ ਮਿਸਾਲੀ ਕਾਰਜ ਹੈ।

ਅੱਜ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ ਗੁਰਬਾਣੀ ਦੀ ਸ਼ੁੱਧ ਸੰਥਿਆ ਪ੍ਰਾਪਤ ਕਰਨ ਲਈ ਪੁੱਜੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨ ਲਈ ਪੁੱਜੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਉਚਾਰੀ ਇਲਾਹੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਗੁਰੂ ਘਰ ਦੇ ਵਜ਼ੀਰਾਂ ਗ੍ਰੰਥੀ ਸਿੰਘਾਂ ਦੀ ਅਹਿਮ ਭਿਮਕਾ ਰਹੀ ਹੈ ਕਿਉਂਕਿ ਗੁਰੂ ਘਰ ਦੇ ਵਜ਼ੀਰਾਂ ਗ੍ਰੰਥੀ ਤੇ ਅਖੰਡ ਪਾਠੀ ਸਿੰਘ ਨੇ ਹੀ ਗੁਰਬਾਣੀ ਦਾ ਸ਼ੁੱਧ ਉਚਾਰਣ ਕਰ ਕੇ ਸਮੁੱਚੀ ਕੌਮ ਨੂੰ ਸੁਚੱਜੀ ਸੇਧ ਦੇਣੀ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਦਾ ਵੱਡੀ ਗਿਣਤੀ ਵਿਚ ਪੁੱਜਣਾ ਇਸ ਗੱਲ ਦੀ ਪ੍ਰਤੱਖ ਗਵਾਹੀ ਭਰਦਾ ਹੈ ਕਿ ਗ੍ਰੰਥੀ/ਅਖੰਡ ਪਾਠੀ ਸਿੰਘ ਜਾਗਰੂਕ ਹੋ ਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਮੁਹਿੰਮ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ।

ਇਸ ਗੁਰਬਾਣੀ ਪਾਠ ਬੋਧ ਸਮਾਗਮ ਰਾਹੀਂ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡ ਪਾਠੀ ਸਿੰਘ ਜਿਥੇ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਆਪ ਸੁਚੇਤ ਹੋਣਗੇ, ਉਥੇ ਸੰਗਤ ਨੂੰ ਵੀ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ 'ਚ ਸਫ਼ਲਤਾ ਪ੍ਰਾਪਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰੰਥੀ ਸਿੰਘਾਂ ਦਾ ਵੀ ਮੁਢਲਾ ਫ਼ਰਜ਼ ਬਣਦਾ ਹੈ

ਕਿ ਉਹ ਗੁਰਬਾਣੀ ਦੀ ਸੰਥਿਆ ਤੇ ਸ਼ੁੱਧ ਉਚਾਰਨ ਦੀ ਸਿਖਲਾਈ ਪ੍ਰਾਪਤ ਕਰ ਕੇ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਤੋਂ ਵੱਧ ਤੋਂ ਵੱਧ ਜਾਣੂ ਕਰਵਾਉਣ। ਇਸ ਸਮੇਂ ਗੁਰਸੇਵਕ ਸਿੰਘ ਮੈਨੇਜਰ ਗੁਰਦਵਾਰਾ ਮੰਜੀ ਸਾਹਿਬ ਆਲਮਗੀਰ, ਕੁਲਦੀਪ ਸਿੰਘ, ਬਲਵੰਤ ਸਿੰਘ, ਸਰਬਜੀਤ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਹਾਜ਼ਰ ਸਨ।