ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਨਿਊਯਾਰਕ ਦੀ ਸੰਗਤ ਵਲੋਂ ਪੁੱਜੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ

Baba Makhar Shah Lubana and Bhai Lakhi Shah gurmat ceremony

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗੁਰਦਵਾਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਗੁਰਮੀਤ ਸਿੰਘ ਮਹਿਮਦਪੁਰ, ਸਾਬਕਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਤੇ ਸ. ਰਘਬੀਰ ਸਿੰਘ ਬੱਬੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿਚੋਂ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਨੂੰ ਸਮਝਣ ਅਤੇ ਅਪਣੇ ਜੀਵਨ ਵਿਚ ਕਮਾਉਣ ਦੀ ਲੋੜ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਦੋਹਾਂ ਸ਼ਖ਼ਸੀਅਤਾਂ ਦੀ ਤਰ੍ਹਾਂ ਸਿੱਖੀ ਦੀ ਚੜ੍ਹਦੀ ਕਲਾ ਨੂੰ ਅਪਣਾ ਮਿਸ਼ਨ ਬਣਾਉਣ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਨਿਊਯਾਰਕ ਦੀ ਸੰਗਤ ਵਲੋਂ ਪੁੱਜੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਭਾਈ ਲੌਂਗੋਵਾਲ, ਜਥੇਦਾਰਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਕੀਤਾ।