ਅਕਾਲ ਤਖ਼ਤ ਤੋਂ ਜਾਰੀ ਹਰ ਫ਼ੈਸਲਾ ਮੰਨਿਆ ਜਾਵੇਗਾ, ਕੈਪਟਨ ਅਮਰਿੰਦਰ ਸਿੰਘ ਦਾ 'ਜਥੇਦਾਰ' ਨੂੰ ਸੁਨੇਹਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਹੋਈ ਮੀਟਿੰਗ

Captain Amarinder Singh

ਅੰਮ੍ਰਿਤਸਰ : ਲੰਮੇ ਸਮੇਂ ਤੋਂ ਸਰਕਾਰ ਨਾਲ ਤਾਲਮੇਲ ਕਰਨ ਦੀਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦ ਪੰਜਾਬ ਸਰਕਾਰ ਦੇ ਦੋ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੀ 'ਜਥੇਦਾਰ' ਨਾਲ ਕਰੀਬ 1 ਘੰਟਾ ਬੜੇ ਹੀ ਸਦਭਾਵਨਾ ਭਰੇ ਮਾਹੌਲ ਵਿਚ ਮੀਟਿੰਗ ਹੋਈ।

ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੇ ਸਨ। ਜਥੇਦਾਰ ਅਤੇ ਮੰਤਰੀਆਂ ਵਿਚਾਲੇ ਹੋਈ ਇਸ ਮੀਟਿੰਗ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅਤੇ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੀ ਹਾਜ਼ਰ ਰਹੇ। ਇਸ ਮੀਟਿੰਗ ਵਿਚ ਸ. ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਪੱਤਰ ਵੀ ਸੌਂਪਿਆ ਅਤੇ 'ਜਥੇਦਾਰ' ਦੀ ਫ਼ੋਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਵੀ ਕਰਵਾਈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਹੋ ਗਈ ਹੈ ਤੇ ਖ਼ੁਸ਼ੀ ਦੀ ਗੱਲ ਇਹ ਹੈ ਕਿ ਸਾਰੀਆਂ ਧਿਰਾਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਰਾਜੀ ਹਨ। 'ਜਥੇਦਾਰ' ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹਰ ਫ਼ੈਸਲਾ ਮੰਨਿਆ ਜਾਵੇਗਾ। ਕੈਪਟਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 'ਜਥੇਦਾਰ' ਨੂੰ ਸਪੱਸ਼ਟ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ ਅਕਾਲ ਤਖ਼ਤ ਸਾਹਿਬ ਦੀ ਰਹਿਨਾਮਾਈ ਹੇਠ ਹੀ ਸ਼ਤਾਬਦੀ ਮਨਾਉਣ ਦੇ ਹਾਮੀ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਟੇਜ ਜਿਸ 'ਤੇ ਰਾਸ਼ਟਰਪਤੀ ਤੇ ਭਾਰਤ ਸਰਕਾਰ ਦੇ ਨੁਮਾਇੰਦੇ ਆ ਰਹੇ ਹਨ ਉਸ ਸਟੇਜ 'ਤੇ ਵੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੋਵੇਗੀ। ਉਨ੍ਹਾਂ ਦਸਿਆ ਕਿ ਗੁਰਦਵਾਰਾ ਬੇਰ ਸਾਹਿਬ, ਗੁਰਦਵਾਰਾ ਕਰਤਾਰਪੁਰ ਸਾਹਿਬ ਤੇ ਗੁਰਦਵਾਰਾ ਪੰਜਾ ਸਾਹਿਬ ਦੀ ਸੇਵਾ ਸੱਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਪੁਰਖ਼ਿਆਂ ਨੇ ਹੀ ਕਰਵਾਈ ਸੀ। 'ਜਥੇਦਾਰ' ਨੇ ਸਾਨੂੰ ਕਿਹਾ ਹੈ ਕਿ ਅਸੀ ਜਥੇਦਾਰਾਂ ਦੀ ਅਗਲੀ ਮੀਟਿੰਗ ਵਿਚ ਇਸ ਮਾਮਲੇ 'ਤੇ ਵਿਚਾਰ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਮਾਗਮ ਪੰਜ ਜਥੇਦਾਰਾਂ ਦੀ ਅਗਵਾਈ ਵਿਚ ਹੋਵੇਗਾ ਤੇ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕਰਨਗੇ। ਸ਼ਤਾਬਦੀ ਤੇ ਟੈਂਟ ਸਿਟੀ ਲਈ ਜੋ ਪੈਸਾ ਸ਼੍ਰੋਮਣੀ ਕਮੇਟੀ ਨੇ ਖ਼ਰਚ ਕਰਨਾ ਹੈ ਉਹ ਪੈਸਾ ਧਰਮ ਪ੍ਰਚਾਰ 'ਤੇ ਲਗਾਵੇ।

ਇਸ ਮੌਕੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਜਥੇਦਾਰ' ਨੂੰ ਸਾਰੇ ਅਧਿਕਾਰ ਦੇ ਦਿਤੇ ਹਨ। ਪੰਡਾਲ ਵਿਚ ਜਥੇਦਾਰ ਦੀ ਸਰਪ੍ਰਸਤੀ ਹੇਠ ਸਾਰੇ ਪ੍ਰੋਗਰਾਮ ਕੀਤੇ ਜਾਣਗੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਭਗਵੰਤਪਾਲ ਸਿੰਘ ਸੱਚਰ ਦਾ ਸਨਮਾਨ ਵੀ ਕੀਤਾ।