‘ਭਾਈ ਮਰਦਾਨਾ ਜੀ ਦੇ ਨਾਂ 'ਤੇ ਯਾਦਗਾਰੀ ਭਵਨ ਬਣਾਇਆ ਜਾਵੇ', ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਕੀਤੀ ਮੰਗ
ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰ ਕੇ ਸੌਂਪਿਆ ਮੰਗ ਪੱਤਰ
ਚੰਡੀਗੜ੍ਹ (ਸ਼ਾਹ) : ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਇਕ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਮੀਤ ਪ੍ਰਧਾਨ ਜੀਤ ਖ਼ਾਨ ਗੋਰੀਆ ਅਤੇ ਸਕੱਤਰ ਸਰਦਾਰਾ ਸਿੰਘ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਅਤੇ ਸੱਚੇ ਮਿੱਤਰ ਭਾਈ ਮਰਦਾਨਾ ਜੀ ਦੀ ਯਾਦ ਵਿਚ ਯਾਦਗਾਰੀ ਭਵਨ ਬਣਾਉਣ ਦੀ ਮੰਗੀ ਕੀਤੀ ਗਈ ਹੈ ਤਾਂ ਜੋ ਉਥੇ ਭਾਈਚਾਰੇ ਦੇ ਬੱਚਿਆਂ ਨੂੰ ਤੰਤੀ ਸਾਜ਼ਾਂ ਦੀ ਸਿਖਲਾਈ ਦਿੱਤੀ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਭਾਈਚਾਰੇ ਦੇ ਪੜ੍ਹੇ ਲਿਖੇ ਸਾਬਤ ਸੂਰਤ ਬੱਚਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦਿੱਤਾ ਜਾਵੇ, ਭਾਈਚਾਰੇ ਦੇ ਅੰਮ੍ਰਿਤਧਾਰੀ ਰਾਗੀ ਜਥੇ, ਢਾਡੀ, ਕਥਾਵਾਚਕ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਭਰਤੀ ਕੀਤਾ ਜਾਵੇ, ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਅਤੇ ਢਾਡੀਆਂ ਦੇ ਸਾਲਾਨਾ ਕੀਰਤਨ ਦਰਬਾਰ ਕਰਵਾਏ ਜਾਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਾਥੀ ਭਾਈ ਮਰਦਾਨਾ ਜੀ ਦੇ ਨਾਂਅ ’ਤੇ ਐਵਾਰਡ ਦਿੱਤੇ ਜਾਣ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ 5 ਫਰਵਰੀ 2026 ਨੂੰ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਅਤੇ 28 ਨਵੰਬਰ 2025 ਨੂੰ ਅਕਾਲ ਚਲਾਣਾ ਦਿਵਸ ਮਨਾਇਆ ਜਾਵੇ।
ਇਨ੍ਹਾਂ ਮੰਗਾਂ ਨੂੰ ਸੁਣਨ ਤੋਂ ਬਾਅਦ ਜਥੇਦਾਰ ਗੜਗੱਜ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਨ੍ਹਾਂ ਮੰਗਾਂ ’ਤੇ ਗੌਰ ਕਰਨ ਲਈ ਕਹਿਣਗੇ। ਦੱਸ ਦਈਏ ਕਿ ਇਸ ਵਾਰ ਭਾਈ ਮਰਦਾਨਾ ਜੀ ਦਾ ਜੋਤੀ ਜੋਤਿ ਦਿਵਸ 26 ਨਵੰਬਰ ਤੋਂ 28 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ।