Panthak News: ‘ਜਥੇਦਾਰ’ ਨੇ ਸਰਕਾਰ ਵਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਤਾੜਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸੰਗਤਾਂ ਲਈ ਬਣੀਆਂ ਗੁਰਦਵਾਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਨੂੰ ਤੁਰਤ ਬਾਹਰ ਕੀਤਾ ਜਾਵੇ

Giani Raghbir Singh

Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਹਠੀ ਰਵਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਅਤੇ ਨੀਮ ਫ਼ੌਜੀ ਦਸਤਿਆਂ ਵਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਜਿਥੇ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਕਿਸਾਨੀ ਵਰਗ ਨੂੰ ਉਸ ਦੇ ਹੱਕ ਦੇਣ ਦੀ ਨਸੀਹਤ ਦਿਤੀ ਹੈ, ਉੱਥੇ ਹੀ ਸਰਕਾਰ ਵਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਸੰਗਤਾਂ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਨੂੰ ਤੁਰਤ ਬਾਹਰ ਕੀਤਾ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਪਣੇ ਹੱਕਾਂ ਲਈ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਨੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਿਸ ਦੁਆਰਾ ਵਰਤੇ ਗਏ ਤਮਾਕੂ, ਸਿਗਰਟਾਂ, ਸ਼ਰਾਬ ਅਤੇ ਹੋਰ ਸਿੱਖ ਧਰਮ ਵਿਰੋਧੀ ਵਸਤੂਆਂ ਬਰਾਮਦ ਕੀਤੀਆਂ ਹਨ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਵੱਡੀ ਕੁਤਾਹੀ ਹੈ, ਜਿਨ੍ਹਾਂ ਨੇ ਅਪਣੇ ਸਿਆਸੀ ਮੁਫਾਦਾਂ ਖ਼ਾਤਰ ਪਵਿੱਤਰ ਗੁਰਦੁਆਰਿਆਂ ਵਿਚ ਪੁਲਿਸ ਵਾੜਨ ਦੀ ਹਮਾਕਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਇਹ ਚੇਤੇ ਰਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਿਆਂ ਦੀ ਮਾਲਕ ਨਹੀਂ ਸਗੋਂ ਪ੍ਰਬੰਧਕੀ ਸੰਸਥਾ ਹੈ ਜਿਸ ਦੇ ਕੋਲ ਅਜਿਹਾ ਕੋਈ ਹੱਕ ਨਹੀਂ ਕਿ ਉਹ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਿਸ ਨੂੰ ਬਿਠਾ ਕੇ ਤਮਾਕੂ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਸਰਕਾਰ ਤੇ ਪੁਲਿਸ ਦੇ ਜ਼ੋਰ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਾਸਲ ਕੀਤੇ ਹਨ ਅਤੇ ਹੁਣ ਉਹ ਬਦਲੇ ਵਿਚ ਸਰਕਾਰਾਂ ਨੂੰ ਖ਼ੁਸ਼ ਕਰਨ ਲਈ ਪਵਿੱਤਰ ਗੁਰਧਾਮਾਂ ਦੀ ਮਰਿਆਦਾ ਦੀ ਉਲੰਘਣਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਪਵਿੱਤਰ ਮਰਿਆਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸੁਚੇਤ ਹੋ ਕੇ ਗੁਰਦੁਆਰਿਆਂ ਦੀ ਪਵਿੱਤਰਤਾ ਦੀ ਰਾਖੀ ਕਰਨ ਲਈ ਆਖਿਆ ਹੈ।  ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਵਲੋਂ ਅਪਣੇ ਹੱਕਾਂ ਪ੍ਰਤੀ ਅਪਣਾਏ ਸੰਘਰਸ਼ੀ ਰੌਂਅ ਦੀ ਹਮਾਇਤ ਕਰਦਿਆਂ ਆਖਿਆ ਕਿ ਕੇਂਦਰ ਦੀ ਸਰਕਾਰ ਨੂੰ ਤੁਰਤ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਸੁੱਟਣੇ ਅਤੇ ਬਲ ਦੀ ਵਰਤੋਂ ਕਰ ਕੇ ਉਨ੍ਹਾਂ ਉੱਤੇ ਜ਼ੁਲਮ ਕਰਨਾ ਕਿਸੇ ਜ਼ਮਹੂਰੀ ਸਰਕਾਰ ਨੂੰ ਬਿਲਕੁਲ ਸ਼ੋਭਾ ਨਹੀਂ ਦਿੰਦਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।