ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ, ‘ਪੰਥ ਦੇ ਵਿਸ਼ਵਾਸ ਨੂੰ ਬਣਾਈ ਰੱਖਾਂਗਾ’

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਗੁਰੂ ਸਾਹਿਬ ਦੀ ਪਹਿਰੇਦਾਰੀ ਨੂੰ ਲਾਜ਼ਮੀ ਕਰਨ ਲਈ ਫੈਲਾਈ ਜਾਵੇਗੀ ਜਾਗਰੂਕਤਾ

Giani Raghbir Singh

 

ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਲਾਂਭੇ ਕਰ ਦਿਤਾ ਗਿਆ ਹੈ ਅਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਤੌਰ 'ਤੇ ਜਥੇਦਾਰ ਰਹਿਣਗੇ। ਇਸ ਦੇ ਨਾਲ ਹੀ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਵੀ ਦਿਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ।

ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, 2 ਮੌਤਾਂ

ਜਥੇਦਾਰ ਨਿਯੁਕਤ ਹੋਣ ਮਗਰੋਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਕੌਮ ਦੀ ਬਹੁਤ ਵੱਡੀ ਜ਼ਿੰਮੇਵਾਰੀ ਵਾਲੀ ਸੇਵਾ ਹੈ ਅਤੇ ਇਹ ਸੇਵਾ ਕੌਮ ਤੇ ਸੰਗਤ ਦੇ ਸਹਿਯੋਗ ਬਿਨਾਂ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮੈਂ ਪੰਥ ਦੇ ਵਿਸ਼ਵਾਸ ਨੂੰ ਬਣਾਈ ਰੱਖਾਂਗਾ। ਬੇਅਦਬੀਆਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਅਤੇ ਭਵਿੱਖ ਵਿਚ ਅਪੀਲ ਕੀਤੀ ਜਾਵੇਗੀ। ਗੁਰੂ ਸਾਹਿਬ ਦੀ ਪਹਿਰੇਦਾਰੀ ਨੂੰ ਲਾਜ਼ਮੀ ਕਰਨ ਲਈ ਸੰਗਤ ਅਤੇ ਪ੍ਰਬੰਧਕਾਂ ਵਿਚ ਜਾਗਰੂਕਤਾ ਫੈਲਾਈ ਜਾਵੇਗੀ। ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਪਰਾਲੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਮੀਟਿੰਗ ਦੌਰਾਨ ਮਨਰੇਗਾ ਸਕੀਮ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ: ਸੀ.ਐਮ ਮਾਨ 

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਦੇਸ਼ਾਂ-ਵਿਦੇਸ਼ਾਂ ਵਿਚ ਅੰਮ੍ਰਿਤ ਸੰਚਾਰ ਕਰਵਾਏ ਜਾਂਦੇ ਹਨ। ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨ ਕੀਤੇ ਜਾਣਗੇ ਤਾਂਕਿ ਨੌਜੁਆਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਪੰਜਾਬ ਤੋਂ ਬਾਹਰ ਵਸਦੇ ਸਿੱਖਾਂ ਦੀ ਸਮੱਸਿਆਵਾਂ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਯਤਨ ਕੀਤੇ ਜਾਣਗੇ ਤਾਂਕਿ ਉਹ ਖੁਦ ਨੂੰ ਇਕੱਲਾ ਨਾ ਸਮਝਣ।