ਦੇਸ਼ ਵੰਡ ਦੌਰਾਨ ਪਾਕਿਸਤਾਨ ’ਚ ਰਹਿ ਗਏ ਬਹੁਤ ਸਾਰੇ ਗੁਰਧਾਮ ਅਣਗੌਲੇ ਕੀਤੇ ਜਾ ਰਹੇ ਹਨ- ਧਾਮੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਉਹਨਾਂ ਕਿਹਾ ਕਿ ਦੇਸ਼ ਵੰਡ ਦੌਰਾਨ ਪੰਜਾਬ ਦੇ ਸੱਭਿਆਚਾਰ ’ਤੇ ਵੱਡੀ ਸੱਟ ਮਾਰੀ ਗਈ ਅਤੇ ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਦੇ ਦੋ ਟੁੱਕੜੇ ਕਰ ਦਿੱਤੇ ਗਏ।

Harjinder Singh Dhami and Others

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅਰਦਾਸ ਸਮਾਗਮ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਭਾਰਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਪਰ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਨੂੰ ਆਪਣਾ ਦਰਦ ਨਹੀਂ ਭੁੱਲਦਾ।

Ardaas Smagam

ਉਹਨਾਂ ਕਿਹਾ ਕਿ ਦੇਸ਼ ਵੰਡ ਦੌਰਾਨ ਪੰਜਾਬ ਦੇ ਸੱਭਿਆਚਾਰ ’ਤੇ ਵੱਡੀ ਸੱਟ ਮਾਰੀ ਗਈ ਅਤੇ ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਦੇ ਦੋ ਟੁੱਕੜੇ ਕਰ ਦਿੱਤੇ ਗਏ। ਬਹੁਤ ਸਾਰੇ ਸਿੱਖ ਗੁਰਧਾਮ ਪਾਕਿਸਤਾਨ ਵਾਲੇ ਪਾਸੇ ਰਹਿ ਗਏ, ਜਿਨ੍ਹਾਂ ਵਿਚੋਂ ਕੁਝ ਅਸਥਾਨਾਂ ਦੀ ਸੰਭਾਲ ਠੀਕ ਢੰਗ ਨਾਲ ਹੋ ਰਹੀ ਹੈ, ਜਦਕਿ ਬਾਕੀ ਅਣਗੌਲੇ ਜਾ ਰਹੇ ਹਨ। ਇਸ ਸਬੰਧੀ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ।

Harjinder Singh Dhami

ਉਹਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਯਾਦ ਕਰਨਾ ਅਤੇ ਸ਼ਰਧਾਂਜਲੀ ਭੇਟ ਕਰਨੀ ਬਹੁਤ ਵਧੀਆ ਫੈਸਲਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਅੰਦਰ ਵੀ ਦੇਸ਼ ਵੰਡ ਦੇ ਪੀੜਤਾਂ ਨੂੰ ਯਾਦ ਕਰਦਿਆਂ ਅਰਦਾਸ ਸਮਾਗਮ ਕੀਤੇ ਗਏ ਹਨ। ਇਸ ਮੌਕੇ ਉਹਨਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਲੱਖਾਂ ਲੋਕਾਂ ਦੀ ਯਾਦ ਵਿਚ ਹਰ ਸਾਲ ਅਰਦਾਸ ਸਮਾਗਮ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕੀਤਾ ਜਾਵੇਗਾ।