ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਸੌਦਾ ਸਾਧ ਦੇ ਡੇਰਾ ਪ੍ਰੇਮੀ ਬਣਵਾ ਰਹੇ ਵੋਟਾਂ: ਗਿਆਨੀ ਹਰਪ੍ਰੀਤ ਸਿੰਘ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਕਿਹਾ, ਇਸ ਪਿੱਛੇ ਸੋਚੀ ਸਮਝੀ ਸਾਜ਼ਸ਼

File Photo

 

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਸੌਦਾ ਸਾਧ ਦੇ ਡੇਰਾ ਪ੍ਰੇਮੀ ਵੀ ਵੋਟਾਂ ਬਣਵਾ ਰਹੇ ਹਨ। ਉਨ੍ਹਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖਰੇ ਕਰਨ ਲਈ ਹਰ ਇਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪ੍ਰਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ਸਾਡੀ ਜਾਣਕਾਰੀ ਵਿਚ ਆਇਆ ਹੈ ਕਿ ਹਰਿਆਣਾ ਵਿਚ ਡੇਰਾ ਪ੍ਰੇਮੀ ਵੋਟਾਂ ਬਣਵਾ ਰਹੇ ਹਨ। ਇਹ ਬਹੁਤ ਹੀ ਚਿੰਤਾਜਨਕ ਹੈ। ਹਰਿਆਣਾ ਸਰਕਾਰ ਨੂੰ ਵੋਟਰ ਫਾਰਮਾਂ ਵਿਚ ਖ਼ਾਸ ਤੌਰ ’ਤੇ ਜ਼ਿਕਰ ਕਰਨਾ ਚਾਹੀਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਇਹ ਵੋਟ ਬਣਾ ਸਕਦਾ ਹੈ। ਇਸ ਦੇ ਨਾਲ ਹੀ ਫਾਰਮ ਵਿਚ ਸਿੱਖ ਰਹਿਤ ਮਰਯਾਦਾ ਅਨੁਸਾਰ ਸਿੱਖ ਦੀ ਪਰਿਭਾਸ਼ਾ ਅੰਕਿਤ ਕੀਤੀ ਜਾਣੀ ਚਾਹੀਦੀ ਹੈ”। ਸਾਬਕਾ ਜਥੇਦਾਰ ਨੇ ਕਿਹਾ ਕਿ ਪੰਜਾਬ ਵਿਚ ਵੀ ਅਜਿਹਾ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਿੱਖ ਧਾਰਮਕ ਅਸਥਾਨਾਂ ਦੀ ਸੇਵਾ ਸੰਭਾਲ ਦਾ ਮਾਮਲਾ ਹੈ। ਇਸ ਵਿਚ ਡੇਰਾਵਾਦ ਨੂੰ ਕੋਈ ਥਾਂ ਨਹੀਂ ਦਿਤੀ ਜਾਣੀ ਚਾਹੀਦੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ 

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਐਸ.ਵਾਈ.ਐਲ. ਦੇ ਮੁੱਦੇ ਦੇ ਉਤੇ ਵੀ ਪ੍ਰਤੀਕਿਰਿਆ ਦਿਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਪੰਜਾਬੀਅਤ ਲਈ ਸਾਨੂੰ ਸਾਰਿਆਂ ਨੂੰ ਅਤੇ ਖਾਸ ਤੌਰ ਤੇ ਐਸ.ਵਾਈ.ਐਲ. ਦੇ ਮੁੱਦੇ 'ਤੇ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਐਸ.ਵਾਈ.ਐਲ. ਦੇ ਮੁੱਦੇ 'ਤੇ ਗੱਲਬਾਤ ਕਰਨੀ ਚਾਹੀਦੀ ਹੈ।  

ਇਹ ਵੀ ਪੜ੍ਹੋ: ਬਹਿਬਲ ਕਲਾਂ ਗੋਲੀਕਾਂਡ: SIT ਉੱਪਰ ਕੋਈ ਵੀ ਰੋਕ ਨਹੀਂ, ਖੁੱਲ੍ਹ ਕੇ ਕਰੇ ਜਾਂਚ: ਅਦਾਲਤ

ਇਸ ਮਾਮਲੇ ਤੇ ਅਕਾਲੀ ਦਲ ਚੁੱਪ ਕਿਉਂ?: ਦਾਦੂਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜੋ ਗੱਲ ਗਿਆਨੀ ਹਰਪ੍ਰੀਤ ਸਿੰਘ ਨੇ ਕਹੀ ਹੈ, ਇਹ ਗੱਲ ਮੈਂ ਕਈ ਦਿਨ ਪਹਿਲਾਂ ਕਹਿ ਚੁੱਕਿਆ ਹਾਂ। ਇਹ ਗੱਲ ਹੁਣ ਮੀਡੀਆ ਵਿਚ ਵੀ ਆ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪੀ ਉੱਤੇ ਵੀ ਸਵਾਲ ਚੁੱਕੇ।

ਉਨ੍ਹਾਂ ਕਿਹਾ ਕਿ ਸਿੱਖ ਕਦੇ ਨਹੀਂ ਕਹਿੰਦੇ ਕਿ ਸਾਨੂੰ ਮੰਦਰ,ਮਸਜਿਦ,ਚਰਚ ਜਾਂ ਡੇਰੇ ਦਾ ਪ੍ਰਬੰਧ ਦਿਉ। ਸਿੱਖਾਂ ਦੇ ਅਧਿਕਾਰ ਵਿਚ ਗ਼ੈਰ ਸਿੱਖ ਨੂੰ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਜ ਉਹ ਵੋਟਰ ਬਣ ਰਹੇ ਨੇ, ਕੱਲ੍ਹ ਨੂੰ ਮੈਂਬਰ ਬਣਨਗੇ ਅਤੇ ਬਾਅਦ ਵਿਚ ਪ੍ਰਬੰਧਕ ਬਣਨਗੇ। ਦਾਦੂਵਾਲ ਨੇ ਦਸਿਆ ਕਿ ਉਨ੍ਹਾਂ ਕੋਲ ਡੇਰੇ ਦੇ ਪੈਰੋਕਾਰਾਂ ਵਲੋਂ ਭਰੇ ਗਏ ਫਾਰਮ ਵੀ ਆਏ ਸਨ। ਉਨ੍ਹਾਂ ਕਿਹਾ ਕਿ ਫਾਰਮ ਵਿਚ ਇਹ ਲਾਈਨ ਵੀ ਜੋੜਨੀ ਚਾਹੀਦੀ ਹੈ ਕਿ ‘ਮੈਂ ਸ੍ਰੀ ਗੁਰੂ ਗੰਥ ਸਾਹਿਬ ਜੀ ਅਤੇ 10 ਪਾਤਸ਼ਾਹੀਆਂ ਤੋਂ ਬਿਨਾਂ ਕਿਸੇ ਨੂੰ ਗੁਰੂ ਨਹੀਂ ਮੰਨਦਾ’। ਇਹ ਚੀਜ਼ ਪੰਜਾਬ ਅਤੇ ਹਰਿਆਣਾ ਦੇ ਫਾਰਮਾਂ ਵਿਚੋਂ ਗ਼ਾਇਬ ਹੈ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਫਰਮਾਨ ਜਾਰੀ ਕੀਤਾ ਜਾਣਾ ਚਾਹੀਦਾ ਹੈ ਅਤੇ ਹਰਿਆਣਾ ਦੀ ਸੰਗਤ ਉਨ੍ਹਾਂ ਦੀ ਕਾਰਵਾਈ ਦਾ ਸਵਾਗਤ ਕਰੇਗੀ।

ਇਹ ਵੀ ਪੜ੍ਹੋ: ਕੈਨੇਡਾ ਵਿਚ ਭਾਰਤੀ ਮੂਲ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਬਹਾਲ ਕਰਨ ਲਈ ਵਿਕਰਮਜੀਤ ਸਾਹਨੀ ਨੇ ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਅਪੀਲ  

ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਚਿੰਤਾਜਨਕ: ਗੁਰਚਰਨ ਸਿੰਘ ਗਰੇਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਇਹ ਮਸਲਾ ਚਿੰਤਾਜਨਕ ਗੱਲ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਰਿਆਂ ਨੂੰ ਸੁਚੇਤ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਸੌਦਾ ਸਾਧ ਨਾਲ ਚੰਗੀ ਸਾਂਝ ਹੈ, ਇਹ ਸਿੱਖਾਂ ਦੇ ਮਸਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨੂੰ ਇਹ ਮਸਲਾ ਹਰਿਆਣਾ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸਿੱਖ ਨੌਜੁਆਨ ਨੇ ਜਿੱਤਿਆ ‘ਮਾਸਟਰ ਸ਼ੈੱਫ਼ ਸਿੰਗਾਪੁਰ’ 2023 ਦਾ ਖਿਤਾਬ  

ਸਾਡੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਨਹੀਂ ਆਇਆ: ਭੁਪਿੰਦਰ ਸਿੰਘ ਅਸੰਧ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਵੋਟ ਸਿਰਫ਼ ਉਸ ਵਿਅਕਤੀ ਦੀ ਬਣਨੀ ਚਾਹੀਦੀ ਹੈ ਜੋ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਦਸ ਪਾਤਸ਼ਾਹੀਆਂ ਨੂੰ ਮੰਨਦਾ ਹੈ। ਹੋਰ ਕਿਸੇ ਨੂੰ ਵੋਟ ਬਣਾਉਣ ਜਾਂ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਸਾਹਮਣੇ ਅਜਿਹਾ ਕੋਈ ਮਾਮਲਾ ਨਹੀਂ ਆਇਆ ਹੈ। ਬਲਜੀਤ ਸਿੰਘ ਦਾਦੂਵਾਲ ਨੇ ਉਨ੍ਹਾਂ ਨੂੰ ਇਸ ਬਾਰੇ ਜਾਣੂ ਜ਼ਰੂਰ ਕਰਵਾਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਖ਼ਾਲਸਾ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ-ਸੰਭਾਲ ਦਾ ਪ੍ਰਬੰਧ ਕਿਸੇ ਨੂੰ ਨਹੀਂ ਦੇਵੇਗਾ।