ਕੈਪਟਨ ਸੰਦੀਪ ਸੰਧੂ ਨੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਰਾਜ ਪਧਰੀ ਸਮਾਗਮ ਦੀਆ ਤਿਆਰੀਆਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ......
ਕਪੂਰਥਲਾ : ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨਾਲ ਸਥਾਨਕ ਦਾਣਾ ਮੰਡੀ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਇਸ ਸਮਾਗਮ ਲਈ ਵੱਡੀ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ।
ਇਸ ਮੌਕੇ ਉਨ੍ਹਾਂ ਪੰਡਾਲ, ਪਾਰਕਿੰਗ, ਐਂਟਰੀ ਪੁਆਇੰਟਾਂ, ਟ੍ਰਾਂਸਪੋਰਟੇਸ਼ਨ, ਟ੍ਰੈਫਿਕ ਮੂਵਮੈਂਟ, ਹੈਲੀਪੈਡ, ਰੂਟ ਪਲਾਨ, ਲੰਗਰ ਅਤੇ ਹੋਰਨਾਂ ਇੰਤਜ਼ਾਮਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਇਨ੍ਹਾਂ ਨੂੰ ਅੰਤਮ ਰੂਪ ਦਿਤਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਮੌਕੇ ਮੁੱਖ ਮੰਤਰੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਲਈ ਕਈ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਡੀ. ਐਸ. ਪੀ ਸੁਲਤਾਨਪੁਰ ਲੋਧੀ ਸ. ਤੇਜਬੀਰ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।