Balwant Rajoana News: ਭਾਈ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਅਕਾਲ ਤਖ਼ਤ ਵਲੋਂ SGPC ਤੇ ਦਿੱਲੀ ਕਮੇਟੀ ਨੂੰ ਪੈਰਵਾਈ ਲਈ ਪੱਤਰ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਕੌਮੀ ਮੁੱਦੇ ’ਤੇ ਰਾਜਨੀਤੀ ਕਰਨ ਤੋਂ ਸੰਕੋਚ ਕੀਤਾ ਜਾਵੇ

Giani Raghbir Singh

Balwant Rajoana News: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ ਵਿਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫ਼ੈਸਲਾ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸਬੰਧੀ ਲਿਖਤੀ ਆਦੇਸ਼ ਪੱਤਰ ਜਾਰੀ ਕਰ ਦਿਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭੇਜੇ ਪੱਤਰ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ’ਤੇ 11 ਸਾਲ ਬੀਤ ਜਾਣ ’ਤੇ ਵੀ ਕੋਈ ਫ਼ੈਸਲਾ ਅਮਲ ਵਿਚ ਨਹੀਂ ਆਇਆ। ਇਸ ਕਾਰਨ ਜਿਥੇ ਭਾਈ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਭਾਰੀ ਉਲੰਘਣਾ ਹੋ ਰਹੀ ਹੈ ਉੱਥੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦਾ ਜੀਵਨ ਸਿੱਖ ਕੌਮ ਦੀ ਅਮਾਨਤ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਰੱਖਿਅਤ ਕਰਨਾ ਸਿੱਖ ਸੰਸਥਾਵਾਂ ਦਾ ਅਹਿਮ ਫ਼ਰਜ਼ ਬਣ ਜਾਂਦਾ ਹੈ ਜਿਸ ਕਾਰਨ ਇਸ ਕੌਮੀ ਮੁੱਦੇ ’ਤੇ ਰਾਜਨੀਤੀ ਕਰਨ ਤੋਂ ਸੰਕੋਚ ਕੀਤਾ ਜਾਵੇ।

ਆਦੇਸ਼ ਪੱਤਰ ਵਿਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ 8 ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਠੋਸ ਯਤਨਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਂਦਿਆਂ ਮਿਥੇ ਸਮੇਂ ਅੰਦਰ ਇਨ੍ਹਾਂ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਹਦਾਇਤ ਕੀਤੀ ਗਈ ਹੈ।