ਭਾਈ ਲੌਂਗੋਵਾਲ ਨੇ ਲਾਇਬ੍ਰੇਰੀ ਮਾਮਲੇ ਦੀ ਜਾਂਚ ਲਈ ਸਬ ਕਮੇਟੀ ਗਠਤ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਦਲਮੇਘ ਸਿੰਘ, ਡਾ. ਅਮਰ ਸਿੰਘ ਅਤੇ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ

Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਮਾਮਲੇ ਦੀ ਜਾਂਚ ਕਰਨ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ। ਭਾਈ ਲੌਂਗੋਵਾਲ ਵਲੋਂ ਗਠਤ ਕੀਤੀ ਗਈ ਇਸ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਟੀ ਤੋਂ ਡਾ. ਅਮਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਸਿੱਖ ਹੱਕਾਂ ਦੇ ਅਲੰਮਬਰਦਾਰ ਰੋਜ਼ਾਨਾ ਸਪੋਕਸਮੈਨ ਵਲੋਂ ਅਪਣੇ 8 ਜੂਨ ਦੇ ਅਖ਼ਬਾਰ ਵਿਚ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਨਾਲ ਸਬੰਧਤ ਇਕ ਖ਼ਬਰ ਪ੍ਰਮੁਖਤਾ ਨਾਲ ਪ੍ਰਕਾਸ਼ਤ ਕੀਤੀ ਸੀ ਜਿਸ ਤੋਂ ਬਾਅਦ ਗਫਲਤ ਦੀ ਨੀਂਦ ਤੋਂ ਜਾਗੀ ਸ਼੍ਰੋਮਣੀ ਕਮੇਟੀ ਨੇ 13 ਜੂਨ ਨੂੰ ਅਪਣੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਇਕ ਮੀਟਿੰਗ ਬੁਲਾਈ ਸੀ ਜਿਸ ਵਿਚ ਇਸ ਸਬ ਕਮੇਟੀ ਦੇ ਗਠਨ ਦਾ ਫ਼ੈਸਲਾ ਲਿਆ ਸੀ। 

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ। ਉਨ੍ਹਾਂ ਆਖਿਆ ਕਿ ਇਹ ਮਾਮਲਾ ਕਿਉਂਕਿ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਜਾਂਚ ਕਮੇਟੀ 1984 ਤੋਂ ਲੈ ਕੇ ਹੁਣ ਤਕ ਦਾ ਰੀਕਾਰਡ ਵਾਚਣ ਉਪਰੰਤ ਅਪਣੀ ਰੀਪੋਰਟ ਦੇਵੇਗੀ।