ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।
ਅੰਮ੍ਰਿਤਸਰ, 16 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।
ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ, ਉਨ੍ਹਾਂ ਦੀ ਕੁਰਬਾਨੀ ਕੌਮ ਦੀ ਨੌਜੁਆਨ ਪੀੜ੍ਹੀ ਲਈ ਰਾਹ-ਦਸੇਰਾ ਹੈ।
ਇਸ ਮੌਕੇ ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ ਆਦਿ ਹਾਜ਼ਰ ਸਨ।