ਸਮੁੱਚੇ ਵਿਸ਼ਵ ਨੂੰ ਅਪਣੇ ਕਲਾਵੇ 'ਚ ਲੈਂਦੀ ਹੈ ਬਾਬੇ ਨਾਨਕ ਦੀ ਵਿਚਾਰਧਾਰਾ: ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਰਾਜਸਥਾਨ ਯੂਨੀਵਰਸਟੀ ਜੈਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਸੈਮੀਨਾਰ ਕਰਵਾਇਆ

Seminar at Jaipur University

ਅੰਮ੍ਰਿਤਸਰ : ਜੈਪੁਰ ਵਿਖੇ ਸਥਿਤ ਯੂਨੀਵਰਸਟੀ ਆਫ਼ ਰਾਜਸਥਾਨ 'ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਇਆ। ਸੈਮੀਨਾਰ ਦੇ ਦੋ ਸੈਸ਼ਨਾਂ ਦੌਰਾਨ ਦੇਸ਼ ਭਰ ਵਿਚੋਂ ਪਹੁੰਚੇ ਬੁਲਾਰਿਆਂ ਨੇ ਪਹਿਲੇ ਪਾਤਸ਼ਾਹ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫ਼ਲਸਫ਼ੇ 'ਤੇ ਵਿਚਾਰ ਪੇਸ਼ ਕੀਤੇ। ਸੈਮੀਨਾਰ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕੀਤਾ। 

ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ਵ ਦੇ ਧਾਰਮਕ ਇਤਿਹਾਸ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਥਾਨ ਪ੍ਰਥਮ ਹੈ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਅਪਣੇ ਕਲਾਵੇ ਵਿਚ ਲੈਂਦੀ ਹੈ। ਸੈਮੀਨਾਰ ਦੌਰਾਨ ਰਾਜਸਥਾਨ ਯੂਨੀਵਰਸਟੀ ਦੇ ਉੱਪ ਕੁਲਪਤੀ ਪ੍ਰੋ. ਆਰ. ਕੇ. ਕੋਠਾਰੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਵਿਚ ਪ੍ਰਸਿੱਧ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵੀ. ਸੀ., ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ ਆਦਿ ਸ਼ਾਮਲ ਸਨ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਸਮਾਜਕ ਵਿਕਾਸ ਲਈ ਬਾਣੀ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਅਮਲ ਵਿਚ ਲਿਆਉਣ ਦੀ ਲੋੜ 'ਤੇ ਜ਼ੋਰ ਦਿਤਾ।