Hoshiarpur Beadbi News: ਬੇਅਦਬੀ ਮਾਮਲੇ 'ਚ ਜਥੇਦਾਰ ਵਲੋਂ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Hoshiarpur Beadbi News: ਪ੍ਰਬੰਧਕ ਕਮੇਟੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਪਹਿਰੇਦਾਰੀ ਯਕੀਨੀ ਨਾ ਬਣਾਉਣਾ, ਵੱਡੀ ਅਣਗਹਿਲੀ- ਜਥੇਦਾਰ

Hoshiarpur beadbi latest News in punjabi

ਸ੍ਰੀ ਅੰਮ੍ਰਿਤਸਰ ਸਾਹਿਬ, 18 ਅਪ੍ਰੈਲ- ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਸੰਬੰਧਿਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਬਰਖ਼ਾਸਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਅਤੇ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਗੁਰੂ ਘਰਾਂ ਅੰਦਰ ਕੈਮਰਿਆਂ ਦਾ ਸੁਚੱਜਾ ਪ੍ਰਬੰਧ ਨਾ ਕਰਨਾ ਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਨਾ ਬਣਾਉਣਾ ਇੱਕ ਵੱਡੀ ਅਣਗਹਿਲੀ ਹੈ, ਜਿਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਦੇਸ਼ ਦੁਨੀਆ ਅੰਦਰ ਬੈਠੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਲਿਹਾਜ਼ਾ ਇਨ੍ਹਾਂ ਨੂੰ ਠੱਲ੍ਹਣ ਲਈ ਸਖ਼ਤ ਕਾਰਵਾਈ ਕਰਨੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਸਬੰਧਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਬਰਖ਼ਾਸਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। 

ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਨੂਰਪੁਰ ਜੱਟਾਂ ਪਿੰਡ ਵਿੱਚ ਵਾਪਰੀ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਭਾਲ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖ਼ਦਾਈ ਗੱਲ ਹੈ ਕਿ ਪੰਜਾਬ ਅੰਦਰ ਅੱਜ ਸ਼ਰਾਰਤੀ ਅਨਸਰਾਂ ਦੀ ਇੰਨੀ ਹਿੰਮਤ ਵਧ ਗਈ ਹੈ ਕਿ ਉਹ ਸਾਡੇ ਗੁਰੂ ਘਰਾਂ ਅੰਦਰ ਵੜ ਕੇ ਬੇਅਦਬੀਆਂ ਕਰ ਰਹੇ ਹਨ। ਇਹ ਸਿੱਖਾਂ ਲਈ ਬਹੁਤ ਹੀ ਚਿੰਤਾਜਨਕ ਅਤੇ ਆਪਸ ਵਿੱਚ ਮਿਲ ਬੈਠ ਕੇ ਦੀਰਘ ਵਿਚਾਰ ਵਟਾਂਦਰਾ ਕਰਨ ਦਾ ਮਾਮਲਾ ਹੈ। ਜਥੇਦਾਰ ਗੜਗੱਜ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ ਲਈ ਆਖਿਆ ਤਾਂ ਜੋ ਇਨ੍ਹਾਂ ਘਟਨਾਵਾਂ ਨੂੰ ਠੱਲ੍ਹਿਆ ਜਾ ਸਕੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥ ਗਿਆਨੀ ਜੁਗਿੰਦਰ ਸਿੰਘ ਦੀ ਅਗਵਾਈ ਵਿੱਚ ਪੰਜ ਪਿਆਰੇ ਸਾਹਿਬਾਨ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਅਤੇ ਸਬ-ਦਫ਼ਤਰ ਦੇ ਇੰਚਾਰਜ ਸ. ਗੁਰਭਾਗ ਸਿੰਘ ਨੂੰ ਤੁਰੰਤ ਘਟਨਾ ਵਾਲੀ ਥਾਂ ਉੱਤੇ ਜਾਂਚ ਕਰਨ ਲਈ ਭੇਜਿਆ ਗਿਆ ਹੈ। ਘਟਨਾ ਸਬੰਧੀ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਗੁਰੂ ਘਰ ਵਿਖੇ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਠੀਕ ਨਹੀਂ ਸੀ, ਜਿਸ ਤੋਂ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਨਜ਼ਰ ਆਉਂਦੀ ਹੈ।