550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿਤਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧਨਵਾਦ

Bhai Longowal gave the invitation to Gujarat CM for 550th Prakash Purb

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸੱਦਾ ਦਿਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿਜੀ ਤੌਰ 'ਤੇ ਮਿਲ ਕੇ ਸ਼ਤਾਬਦੀ ਸਮਾਗਮਾਂ 'ਚ ਸ਼ਾਮਲ ਹੋਣ ਲਈ ਕਿਹਾ।

ਇਸੇ ਦੌਰਾਨ ਭਾਈ ਲੌਂਗੋਵਾਲ ਨੇ ਵਿਜੇ ਰੁਪਾਨੀ ਦਾ ਗੁਜਰਾਤ 'ਚ ਪੈਂਦੇ ਪਹਿਲੇ ਪਾਤਸ਼ਾਹ ਜੀ ਦੇ ਅਸਥਾਨ ਗੁਰਦੁਆਰਾ ਲਖਪਤ ਰਾਏ ਅਤੇ ਬੇਟ ਦਵਾਰਕਾ 'ਚ ਭਾਈ ਮੋਹਕਮ ਸਿੰਘ ਜੀ ਦੇ ਅਸਥਾਨ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ 'ਤੇ ਧਨਵਾਦ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਜਰਾਤ ਸਰਕਾਰ ਵਲੋਂ ਸਿੱਖ ਅਸਥਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਮੁੱਖ ਮੰਤਰੀ ਪਾਸੋਂ ਸਿੱਖ ਮਿਸ਼ਨ ਗੁਜਰਾਤ ਲਈ ਥਾਂ ਦੀ ਮੰਗ ਵੀ ਕੀਤੀ।

ਇਸ ਮਿਲਣੀ ਮੌਕੇ ਵਿਜੇ ਰੁਪਾਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਲਈ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਹਾਮੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਰੁਪਾਨੀ ਨੂੰ ਸਨਮਾਨਤ ਵੀ ਕੀਤਾ।