ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕਰਵਾਉਣ 'ਜਥੇਦਾਰ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

File

ਅੰਮ੍ਰਿਤਸਰ: ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਮਨਾਇਆ ਗਿਆ। ਇਸ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇ ਜਥੇਦਾਰ ਭਾਰਤ 'ਚ ਦਬਾਅ ਹੇਠ ਹਨ ਤਾਂ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਮੀਟਿੰਗ ਕਰਨ ਦਾ ਖੁਲ੍ਹਾ ਸੱਦਾ ਹੈ।

ਸ਼ਹੀਦੀ ਦਿਹਾੜੇ ਨੂੰ ਸਮਰਪਤ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਕੋਰੋਨਾ ਵਾਇਰਸ ਦੇ ਬਾਵਜੂਦ ਸੰਗਤ ਦੀ ਭਰਵੀਂ ਇਕੱਤਰਤਾ ਦੌਰਾਨ ਸਮਾਜਕ ਦੂਰੀ ਦਾ ਵਿਸ਼ੇਸ਼ ਧਿਆਨ ਰਖਿਆ ਗਿਆ। ਗੁਰਦੁਅਰਾ ਸਾਹਿਬ ਦੇ ਬਾਹਰ ਤਾਇਨਾਤ ਮੈਡੀਕਲ ਟੀਮ ਨੇ ਸ਼ਰਧਾਲੂਆਂ ਦੀ ਜਾਂਚ ਉਪਰੰਤ ਹੀ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਦਿਤਾ।

ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਦਿਨ-ਤਿਉਹਾਰ ਮਨਾਉਣ ਦਾ ਪਾਕਿਸਤਾਨ ਸਮੇਤ ਪੂਰੀ ਦੂਨੀਆਂ ਦੇ ਸਿੱਖਾਂ ਨੇ ਇਤਿਹਾਸਕ ਫ਼ੈਸਲਾ ਲਿਆ ਸੀ, ਜਿਸ ਤਹਿਤ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਦ ਪਾਕਿਸਤਾਨ ਆਏ ਸਨ ਤਾਂ ਜਥੇਦਾਰ ਨੇ ਸੰਗਤ ਨਾਲ ਵਿਚਾਰ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਹਾਮੀ ਭਰੀ ਸੀ। ਉਨ੍ਹਾਂ ਮੰਗ ਕੀਤੀ ਕਿ ਜਥੇਦਾਰ ਪੂਰੀ ਕੌਮ ਨੂੰ ਵਿਸ਼ਵਾਸ ਵਿਚ ਲੈ ਕੇ ਇਸ ਕੈਲੰਡਰ ਨੂੰ ਮੁੜ ਲਾਗੂ ਕਰਵਾਉਣ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਮੀਮਪਾਲ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਵਸਦੇ ਸਿੱਖ ਆਪਣੀ ਵਖਰੀ ਪਛਾਣ ਕਰ ਕੇ ਹੀ ਜਾਣੇ ਜਾਂਦੇ ਹਨ

ਪਰ ਸਾਡੇ ਧਾਰਮਿਕ ਆਗੂਆਂ ਨੇ ਰਾਜਨੀਤਕ ਆਗੂਆਂ ਦੇ ਕਹੇ 'ਤੇ ਸਾਡੀ ਪਛਾਣ ਨੂੰ ਖੋਰਾ ਲਾਉਣ ਦਾ ਯਤਨ ਕੀਤਾ ਹੈ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਜੇ ਜਥੇਦਾਰ ਨੂੰ ਲਗਦਾ ਹੈ ਕਿ ਭਾਰਤ ਵਿਚ ਉਹ ਕੈਲੰਡਰ ਮਾਮਲੇ 'ਤੇ ਨਿਰਪੱਖ ਫ਼ੈਸਲਾ ਨਹੀਂ ਲੈ ਸਕਣਗੇ ਤਾਂ ਉਹ ਜਥੇਦਾਰ ਨੂੰ ਪੇਸ਼ਕਸ਼ ਕਰਦੇ ਹਨ ਕਿ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਆ ਕੇ ਤਖ਼ਤਾਂ ਦੇ ਜਥੇਦਾਰਾਂ ਤੇ ਪੰਥਕ ਆਗੂਆਂ ਦੀ ਮੀਟਿੰਗ ਕਰ ਕੇ ਖੁਲ੍ਹੇ ਮਨ ਨਾਲ ਪੰਥ ਦੇ ਹੱਕ ਵਿਚ ਫ਼ੈਸਲਾ ਲੈਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।