ਕਾਬੁਲ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਉਠਾਏ ਭਾਰਤ ਸਰਕਾਰ- ਐਡਵੋਕੇਟ ਧਾਮੀ

SGPC on Gurdwara Karte Parwan Sahib

 

ਅੰਮ੍ਰਿਤਸਰ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

Gurdwara Karte Parwan Sahib

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

SGPC

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

Gurdwara Karte Parwan Sahib

ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲਕਦਮੀ ਕਰੇ।