ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਸਰਕਾਰ ਨਾਲ ਗੱਲ ਕਰਾਂਗੇ : ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਿੱਲੀ ਕਮੇਟੀ ਬਾਬੇ ਨਾਨਕ ਦੇ ਸਮਾਗਮਾਂ 'ਚ ਭਰਵਾਂ ਸਹਿਯੋਗ ਦੇਵੇਗੀ: ਜੀ ਕੇ/ਸਿਰਸਾ.......

Bhai Gobind Singh Longowal, Manjit Singh G.K. Manjinder Singh Sirsa and others

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਵਲ ਚਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿਸਤਾਨ ਸਰਹੱਦ ਉਪਰ ਲਾਂਘਾ ਸਥਾਨ 'ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ। 

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਤਹਿਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਤਿਆਰ ਹੋ ਜਾਣ ਤਾਂ ਸ਼੍ਰੋਮਣੀ ਕਮੇਟੀ ਲਾਂਘਾ ਉਸਾਰੀ, ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਸਮੇਤ ਹੋਰ ਹੋਣ ਵਾਲੀ ਸਾਫ਼ ਸਫ਼ਾਈ ਦੀ ਸੇਵਾ ਕਰਨ ਲਈ ਤਿਆਰ ਹੈ।

ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਥੇ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ 10 ਅਤੇ 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਣ ਵਾਲੇ ਸਮਾਗਮ ਨਾਲ ਹੋਵੇਗੀ ਅਤੇ ਇਸ ਸਬੰਧੀ ਜਗ੍ਹਾਂ ਚੁਣਨ ਲਈ ਅਤੇ ਲੇਜ਼ਰ ਸ਼ੋਅ ਸਮੇਤ ਦੀਪਮਾਲਾ ਲਈ ਢੁਕਵੇਂ ਪ੍ਰਬੰਧਾਂ ਲਈ ਉਨ੍ਹਾਂ ਨੇ ਅੱਜ ਇਸ ਲਾਂਘਾ ਸਥਲ ਦਾ ਦੌਰਾ ਕੀਤਾ ਹੈ। ਉਹ ਚਾਹੁੰਦੇ ਹਨ ਕਿ ਜਦੋਂ ਇਥੇ ਗੁਰਮਤਿ ਸਮਾਗਮ ਹੋਣ ਤਾਂ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਸਾਹਿਬ ਵਿਖੇ ਵੀ ਸੁੰਦਰ ਦੀਪਮਾਲਾ ਹੋਵੇ। 

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ 'ਚ ਦਿੱਲੀ ਕਮੇਟੀ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ ਅਤੇ ਕਰਤਾਰਪੁਰ ਦੇ ਲਾਂਘੇ ਲਈ ਭਾਰਤ ਸਰਕਾਰ ਨਾਲ ਜਿਸ ਪੱਧਰ 'ਤੇ ਵੀ ਗੱਲਬਾਤ ਕਰਨੀ ਪਵੇਗੀ ਦਿੱਲੀ ਕਮੇਟੀ ਹਰ ਯਤਨ ਕਰੇਗੀ।

ਦਿੱਲੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ 10 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸਮੇਂ ਜਿਥੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੇ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇ, ਉਥੇ ਹੀ ਪਾਕਿਸਤਾਨ ਸਰਕਾਰ ਨੂੰ ਵੀ ਕਿਹਾ ਜਾਵੇਗਾ ਕਿ ਉਹ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਵਾਲੇ ਪਾਸੇ ਦੀ ਸਰਕੰਡਾ ਆਦਿ ਕਟਵਾ ਕੇ ਸਫ਼ਾਈ ਕਰਵਾਈ ਜਾਵੇ, ਤਾਂ ਜੋ ਸੰਗਤਾਂ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ।

ਇਸ ਮੌਕੇ ਕਰਤਾਰਪੁਰ ਦੇ ਲਾਂਘੇ ਲਈ ਮੂਲ ਮੰਤਰ ਦੇ ਪਾਠ ਉਪਰੰਤ ਸਮੂਹਕ ਤੌਰ 'ਤੇ ਅਰਦਾਸ ਵੀ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ, ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਰਾਣਾ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਗਈ।