ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀਆਂ ਨੂੰ ਧਾਰਮਿਕ ਸਜ਼ਾ ਦਾ ਐਲਾਨ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਏਗੀ ਅਖੰਡ ਪਾਠ ਸਾਹਿਬ

Giani Harpreet Singh Jathedar

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਅੰਤਰਿੰਗ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਅੰਤਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ।

ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ 'ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ  ਪ੍ਰੋਫੈਸਰ ਸਰਚਾਂਦ ਸਿੰਘ,ਰਤਨ ਸਿੰਘ ਜੱਫਰਵਾਲ ਅਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ।

ਇਹ ਧਾਰਮਿਕ ਸਜਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਈ ਗਈ। ਜਥੇਦਾਰ ਵਲੋਂ ਸੁਣਾਈ ਧਾਰਮਿਕ ਸਜ਼ਾ 'ਚ 2016 ਵਾਲੀ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਪਾਠੀ ਸਿੰਘ ਪਾਸੋਂ ਸਰਵਣ ਕਰਨ ਜਾਂ ਇੱਕ ਸਹਿਜ ਪਾਠ ਖ਼ੁਦ ਕਰਨ, ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ 'ਚ ਕੋਈ ਵੀ ਅਹੁਦਾ ਨਾ ਲੈਣ ਅਤੇ ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਦੀ ਸਜ਼ਾ ਸ਼ਾਮਲ ਹੈ।

ਸੁੱਚਾ ਸਿੰਘ ਲੰਗਾਹ ਮਾਮਲੇ 'ਚ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ ਗਿਆਰਾਂ-ਗਿਆਰਾਂ ਸੌ ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ,ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ  ਦੀ ਸਜ਼ਾ ਸੁਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏਗੀ।