ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਨੇ ਦੁਨੀਆਂ ਭਰ ’ਚ ਸਿੱਖਾਂ ਦੇ ਹਿਰਦੇ ਵਲੂੰਧਰੇ- ਸਿਰਸਾ
ਉਹਨਾਂ ਕਿਹਾ ਕਿ ਕਿਸੇ ਨੇ ਅਪਣੇ ਜੀਵਨ ਕਾਲ ਵਿਚ ਅਜਿਹੀ ਮੰਦਭਾਗੀ ਘਟਨਾ ਦੀ ਕਲਪਨਾ ਵੀ ਨਹੀਂ ਕੀਤੀ ਸੀ।
ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਨੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ। ਉਹਨਾਂ ਕਿਹਾ ਕਿ ਕਿਸੇ ਨੇ ਅਪਣੇ ਜੀਵਨ ਕਾਲ ਵਿਚ ਅਜਿਹੀ ਮੰਦਭਾਗੀ ਘਟਨਾ ਦੀ ਕਲਪਨਾ ਵੀ ਨਹੀਂ ਕੀਤੀ ਸੀ। 1984 ਤੋਂ ਪਹਿਲਾਂ ਜਾਂ 1984 ਤੋਂ ਬਾਅਦ ਕਿਸੇ ਨੇ ਇਸ ਬਾਰੇ ਨਹੀਂ ਸੋਚਿਆ ਸੀ, ਇਸ ਘਟਨਾ ਪਿੱਛੇ ਕੋਈ ਬਹੁਤ ਵੱਡੀ ਸਾਜ਼ਿਸ਼ ਹੋ ਸਕਦੀ ਹੈ।
ਸਿਰਸਾ ਨੇ ਕਿਹਾ ਕਿ ਇਸ ਘਟਨਾ ਨੂੰ ਪਿਛਲੀਆਂ ਘਟਨਾਵਾਂ ਨਾਲ ਜੋੜ ਕੇ ਦੇਖਿਆ ਜਾਣਾ ਚਾਹੀਦਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਕਿਸੇ ਨੇ ਪਵਿੱਤਰ ਸਰੋਵਰ ਵਿਚ ਗੁਟਕਾ ਸਾਹਿਬ ਸੁੱਟਿਆ ਸੀ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਹਨਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮੌਤ ਦੇ ਨਾਲ ਕਈ ਤਰ੍ਹਾਂ ਦੇ ਰਾਜ ਵੀ ਖਤਮ ਹੋ ਗਏ।
ਮਨਜਿੰਦਰ ਸਿਰਸਾ ਨੇ ਕਿਹਾ ਕਿ ਦਰਬਾਰ ਸਾਹਿਬ ਨੂੰ ਦੁਨੀਆਂ ਦਾ ਸਭ ਤੋਂ ਸੁਰੱਖਿਅਤ ਅਸਥਾਨ ਮੰਨਿਆ ਜਾਂਦਾ ਹੈ ਅਤੇ ਇੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਅਜਿਹੇ ਸੁਰੱਖਿਅਤ ਸਥਾਨ ’ਤੇ ਜੇਕਰ ਇਹ ਘਟਨਾ ਵਾਪਰੀ ਹੈ ਤਾਂ ਇਸ ਦੇ ਪਿੱਛੇ ਬਹੁਤ ਵੱਡੀ ਸਾਜ਼ਿਸ਼ ਹੈ।