SGPC ਨੂੰ ਖੇਰੂੰ ਖੇਰੂੰ ਕਰਨ ਵਾਲੀਆਂ ਤਾਕਤਾਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ :ਲੌਂਗੋਵਾਲ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਧੇ ਅਤੇ ਅਸਿੱਧੇ ਢੰਗ ਨਾਲ ਸ਼੍ਰੋਮਣੀ ਕਮੇਟੀ ਤੇ ਸਿੱਖਾਂ ਦੇ ਧਾਰਮਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਦੀ ਆ ਰਹੀ ਹੈ

Photo

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਕੁੱਝ ਅਣਮਨੁੱਖੀ ਤਾਕਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਟੋਟੇ ਟੋਟੇ ਕਰਨਾ ਚਾਹੁੰਦੀਆਂ ਹਨ ਪਰ ਉਨ੍ਹਾਂ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੇ ਮਨਸੂਬਿਆਂ ਨੂੰ ਸਿੱਖ ਕੌਮ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।

ਉੱਤਰੀ ਭਾਰਤ ਦੇ ਪਹਿਲੇ ਖ਼ੁਦਮੁਖ਼ਤਿਆਰੀ ਮਾਤਾ ਗੁਜਰੀ ਕਾਲਜ ਵਿੱਚ ਕਾਲਜ ਦੀਆਂ ਸਾਲਾਨਾ 52ਵੀਆਂ ਖੇਡਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਬਕਾਇਦਾ ਐਕਟ ਮੁਤਾਬਕ ਲੋਕਤੰਤਰਿਕ ਢੰਗ ਨਾਲ ਚੋਣ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਧੇ ਅਤੇ ਅਸਿੱਧੇ ਢੰਗ ਨਾਲ ਸ਼੍ਰੋਮਣੀ ਕਮੇਟੀ ਤੇ ਸਿੱਖਾਂ ਦੇ ਧਾਰਮਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਦੀ ਆ ਰਹੀ ਹੈ ਜਿਸ ਦੀ ਤਾਜ਼ਾ ਮਿਸਾਲ ਹੁਣ ਕਾਂਗਰਸ ਪਾਰਟੀ ਵਲੋਂ ਹਰਿਆਣਾ ਰਾਜ ਵਿਚ ਵਖਰੀ ਸ਼੍ਰੋਮਣੀ ਕਮੇਟੀ ਬਣਾਉਣ ਲਈ ਦਿਤੇ ਹਲਫ਼ਨਾਮੇ ਤੋਂ ਸਪੱਸ਼ਟ ਜ਼ਾਹਰ ਹੁੰਦੀ ਹੈ ਪਰ ਸਿੱਖ ਕੌਮ ਇਨ੍ਹਾਂ ਦੇ ਕੋਝੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।

ਉਨ੍ਹਾਂ ਨਾਲ ਹੀ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਭਾਈਚਾਰੇ ਲਈ ਵੀ ਵੱਡੀ ਪੱਧਰ 'ਤੇ ਯੋਗ ਉਪਰਾਲੇ ਸਮੇਂ ਸਮੇਂ ਤੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਰਹਿੰਦੇ ਸਿਕਲੀਗਰ ਭਾਈਚਾਰੇ ਦੇ ਬੱਚਿਆਂ ਦੀ ਪੜ੍ਹਾਈ ਲਈ ਫ਼ੀਸਾਂ ਵੀ ਸ਼੍ਰੋਮਣੀ ਕਮੇਟੀ ਵਲੋਂ ਅਦਾ ਕੀਤੀਆਂ ਜਾਂਦੀਆਂ ਰਹੀਆਂ ਹਨ ਇਹ ਪੰਜਾਬ ਵਿਚ ਵੀ ਰਹਿੰਦੇ ਸਿਕਲੀਗਰ ਭਾਈਚਾਰੇ ਲਈ ਸ਼੍ਰੋਮਣੀ ਕਮੇਟੀ ਵਲੋਂ ਵਖਰੇ ਫ਼ੰਡ ਰੱਖੇ ਜਾਂਦੇ ਰਹੇ ਹਨ ਤੇ ਉਸ ਮੁਤਾਬਕ ਇਨ੍ਹਾਂ ਦੀ ਆਰਥਕ ਮਦਦ ਵੀ ਕੀਤੀ ਜਾਂਦੀ ਹੈ।