ਹਸਨ ਅਬਦਾਲ ਦਾ ਨਾਂਅ ਬਦਲ ਕੇ ਸ੍ਰੀ ਪੰਜਾ ਸਾਹਿਬ ਰਖਿਆ ਜਾਵੇ: ਸਰਨਾ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ.

Paramjit Singh Sarna

ਅੰਮ੍ਰਿਤਸਰ, 24 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਮੰਗ ਕੀਤੀ ਕਿ ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਪਕਿਸਤਾਨ ਸਥਿਤ ਸ਼ਹਿਰ ਹਸਨ ਅਬਦਾਲ ਦਾ ਨਾਂਅ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਤੇ ਸ੍ਰੀ ਪੰਜਾ ਸਾਹਿਬ ਰਖਿਆ ਜਾਵੇ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਹੋਰ ਅਹੇਦਦਾਰਾਂ ਤੇ ਨੇਤਾਵਾਂ ਨਾਲ ਪਰਮਜੀਤ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਆਮਦ ਤੇ ਵਧਾਈ ਦਿਤੀ ਤੇ ਗੁਲਦਸਤੇ ਭੇਂਟ ਕਰ ਕੇ ਸਵਾਗਤ ਕੀਤਾ। ਉਨ੍ਹਾਂ ਨਾਲ ਹੋਰ ਮਸਲਿਆਂ 'ਤੇ ਵੀ ਗੱਲਬਾਤ ਕੀਤੀ ਗਈ। ਸਰਨਾ ਭਰਾਵਾਂ ਨੇ ਹਾਈ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਦੁਨੀਆਂ ਭਰ ਵਿਚ ਸਿੱਖਾਂ ਤੋਂ ਇਲਾਵਾ ਹੋਰ ਵੀ ਧਰਮਾਂ ਦੇ ਲੋਕਾਂ ਵਲੋਂ ਮਨਾਇਆ ਜਾ ਰਿਹਾ ਹੈ ਜਿਨ੍ਹਾਂ ਵਿਚ ਮੁਸਲਮਾਨ ਵੀ ਸ਼ਾਮਲ ਹਨ। ਪਾਕਿਸਤਾਨ ਸਥਿਤ ਸ਼ਹਿਰ ਹਸਨ ਅਬਦਾਲ ਦਾ ਨਾਂਅ ਸ੍ਰੀ ਪੰਜਾ ਸਾਹਿਬ ਰਖਿਆ ਜਾਵੇ। ਹਸਨ ਅਬਦਾਲ ਦਾ ਨਾਂਅ ਅੱਜ ਦੁਨੀਆਂ ਭਰ ਵਿਚ ਕੋਈ ਨਹੀਂ ਜਾਣਦਾ ਤੇ ਵਧੇਰੇ ਕਰ ਕੇ ਇਸ ਥਾਂ ਨੂੰ ਪੰਜਾ ਸਾਹਿਬ ਹੀ ਕਿਹਾ ਜਾਂਦਾ ਹੈ।