ਰਾਜਨਾਥ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ। ਰਾਜਨਾਥ ਸਿੰਘ ਨੂੰ ਭਾਈ ਲੌਂਗੋਵਾਲ ਨੇ ਮੰਗ ਪੱਤਰ ਸੌਂਪਿਆ ਜਿਸ 'ਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ।

ਅੰਮ੍ਰਿਤਸਰ, 13 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) : ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ। ਦਰਬਾਰ ਸਾਹਿਬ ਪੁੱਜਣ 'ਤੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਮੱਥਾ ਟੇਕਿਆ। ਰਾਜਨਾਥ ਸਿੰਘ ਨੂੰ ਭਾਈ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ ਜਿਸ ਵਿਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੰਗ ਕੀਤੀ ਕਿ ਇਸ ਇਤਿਹਾਸਕ ਪੁਰਬ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤਕ ਖੁੱਲ੍ਹਾ ਲਾਂਘਾ ਦਿਤਾ ਜਾਵੇ ਤਾਕਿ ਸੰਗਤਾਂ ਗੁਰੂ ਸਾਹਿਬ ਨਾਲ ਸਬੰਧਤ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ 

ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਅਪੀਲ ਦਾ ਫੈਸਲਾ ਜਲਦ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹੋਰਨਾਂ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਵੀ ਅਪੀਲ ਕੀਤੀ।  ਉਨ੍ਹਾਂ ਜੰਮੂ ਕਸ਼ਮੀਰ ਵਿਚ ਵਸਦੇ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਦਾ ਮਾਮਲਾ ਗ੍ਰਹਿ ਮੰਤਰੀ ਕੋਲ ਉਠਾਇਆ। ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਸਕੀਮਾਂ ਵਿਚ ਨਿਰਪੱਖ ਹਿੱਸਾ ਨਹੀਂ ਮਿਲ ਰਿਹਾ। ਉਨ੍ਹਾਂ ਇਹ ਮੰਗ ਵੀ ਕੀਤੀ ਕਿ 1984 ਦੌਰਾਨ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ 'ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਸਾਮਾਨ ਜੋ ਦੇਸ਼ ਦੀ ਆਰਮੀ ਵਲੋਂ ਉਠਾ ਲਿਆ ਗਿਆ ਸੀ, ਨੂੰ ਵਾਪਸ ਕੀਤਾ ਜਾਵੇ। ਉਨ੍ਹਾਂ ਗੁਰਦਵਾਰਿਆਂ ਵਿਚ ਵਰਤਾਏ ਜਾਂਦੇ ਲੰਗਰਾਂ ਤੋਂ ਜੀਐਸਟੀ ਹਟਾਉਣ ਦੀ ਅਪੀਲ ਕੀਤੀ।  ਇਸ ਮੌਕੇ ਰਾਜਨਾਥ ਸਿੰਘ ਨਾਲ ਆਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਕਈ ਹੋਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਤ ਕੀਤਾ।