ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੈਨੇਡਾ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵਫ਼ਦ ਨੇ ਗੁਰਦਵਾਰਾ ਪ੍ਰਬੰਧਕਾਂ ਨਾਲ ਕੀਤੀਆਂ ਮੀਟਿੰਗਾਂ

SGPC initiated proceedings for the printing of sacred images abroad

 

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿਤੀ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤਿ੍ਰੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤਿ੍ਰੰਗ ਕਮੇਟੀ ਵਲੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਆਦਿ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਆਪ ਕਰਨ ਲਈ ਫ਼ੈਸਲਾ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਦੇਸ਼ਾਂ ਵਿਚ ਪਿ੍ਰੰਟਿੰਗ ਪ੍ਰੈੱਸਾਂ ਸਥਾਪਤ ਕਰ ਕੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ ਅਤੇ ਉਥੋਂ ਨਾਲ ਲਗਦੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਪਾਵਨ ਸਰੂਪ ਪਹੁੰਚਾਏ ਜਾਣਗੇ। 

ਭਿੱਟੇਵੱਡ ਨੇ ਫ਼ੋਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਕੈਨੇਡਾ ਦੇ ਬੀਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦਵਾਰਾ ਸਾਹਿਬ ਵਿਖੇ ਇਸ ਸਬੰਧ ਵਿਚ ਸੰਗਤਾਂ ਅਤੇ ਗੁ. ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਵਫ਼ਦ ਨੇ ਹੁਣ ਤਕ ਗੁ. ਸ੍ਰੀ ਗੁਰੂ ਸਿੰਘ ਸਭਾ ਸਰੀ, ਗੁ. ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫ਼ੋਰਟ, ਗੁ. ਬਾਬਾ ਬੰਦਾ ਸਿੰਘ ਬਹਾਦਰ ਐਬਸਫ਼ੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮਰਿਆਦਾ ਅਨੁਸਾਰ ਪਾਵਨ ਸਰੂਪਾਂ ਦੀ ਛਪਾਈ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਹੌਲ ਲਾਜ਼ਮੀ ਹੈ ਅਤੇ ਇਸ ਨੂੰ ਹਰ ਪੱਖ ਤੋਂ ਵਿਚਾਰਿਆ ਜਾ ਰਿਹਾ ਹੈ। ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ।