ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ; 8 ਨਵੰਬਰ ਨੂੰ ਹੋਵੇਗਾ SGPC ਦੇ ਜਨਰਲ ਹਾਊਸ ਦਾ ਇਜਲਾਸ
ਸਰਕਾਰ ਨੇ ਐਸ. ਵਾਈ. ਐਲ. ਮੁੱਦੇ ’ਤੇ ਅਦਾਲਤ ਵਿਚ ਪੱਖ ਸਪੱਸ਼ਟ ਨਹੀਂ ਕੀਤਾ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤਰਿੰਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਮੈਂਬਰ ਮੌਜੂਦ ਸਨ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਚੋਣ ਇਜਲਾਸ ਇਸ ਵਾਰ 8 ਨਵੰਬਰ ਨੂੰ ਹੋਵੇਗਾ। ਅੰਤਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਐਸ.ਵਾਈ.ਐਲ. ਦੇ ਮੁੱਦੇ ’ਤੇ ਅਪਣਾ ਪੱਖ ਰੱਖਿਆ ਗਿਆ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੇ ਐਸ. ਵਾਈ. ਐਲ. ਮੁੱਦੇ ’ਤੇ ਅਦਾਲਤ ਵਿਚ ਪੱਖ ਸਪੱਸ਼ਟ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਹਿੱਤਾਂ ਲਈ ਅਤੇ ਪੰਜਾਬ ਨਾਲ ਜੋ ਧੱਕਾ ਹੁੰਦਾ ਹੈ, ਉਸ ਵਿਰੁਧ ਸਮੇਂ-ਸਮੇਂ ਸਿਰ ਅਪਣੀ ਆਵਾਜ਼ ਬੁਲੰਦ ਕੀਤੀ ਹੈ। ਸੁਪ੍ਰੀਮ ਕੋਰਟ ਵਲੋਂ ਚਾਰ ਅਕਤੂਬਰ 2023 ਨੂੰ ਕੇਂਦਰ ਤੇ ਪੰਜਾਬ ਸਰਕਾਰ ਨੂੰ ਐਸ.ਵਾਈ.ਐਲ. ਦੇ ਮਾਮਲੇ ਵਿਚ ਸਰਵੇਖਣ ਸਬੰਧੀ ਹਦਾਇਤਾਂ ਦਿਤੀਆਂ ਗਈਆਂ ਹਨ। ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਹਿੱਤਾਂ ਦੀ ਤਰਜਮਾਨੀ ਕਰੇ ਅਤੇ ਨਹਿਰ ਦੇ ਵਿਰੋਧ ਵਿਚ ਅਪਣਾ ਪੱਖ ਮ਼ਜਬੂਤ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਦਾ ਸੂਬਾ ਹੈ, ਜਿਸ ਵਿਚ ਕਿਸਾਨ ਪਾਣੀ ਸੰਕਟ ਦੇ ਨਾਲ ਜੂਝ ਰਹੇ ਹਨ, ਨਹਿਰੀ ਪਾਣੀ ਉਪਲਬਧ ਨਾ ਹੋਣ ਕਰਕੇ ਲੱਖਾਂ ਦੀ ਗਿਣਤੀ ਵਿਚ ਕਿਸਾਨ ਟਿਊਬਵੈੱਲਾਂ ਰਾਹੀਂ ਧਰਤੀ ਹੇਠਲਾ ਪਾਣੀ ਖੇਤੀ ਲਈ ਵਰਤ ਰਹੇ ਹਨ। ਇਸ ਕਰਕੇ ਪੰਜਾਬ ਦਾ ਵੱਡਾ ਖੇਤਰ ਡਾਰਕ ਜ਼ੋਨ ਹੋਣ ਕੰਢੇ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਸਬੰਧੀ ਰਾਈਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਹਿੱਸੇ ਦਾ ਬਹੁਤਾ ਪਾਣੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਦਿਤਾ ਜਾ ਰਿਹਾ ਹੈ। ਇਸ ਦੇ ਬਦਲੇ ਪੰਜਾਬ ਨੂੰ ਕੋਈ ਵੀ ਭੁਗਤਾਨ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਪੰਜਾਬ ਦੇ ਹੱਕ ਵਿਚ ਡੱਟ ਕੇ ਖੜੇਗੀ। ਇਸ ਤੋਂ ਇਲਾਵਾ ਕੇਂਦਰ ਨੂੰ ਵੀ ਇਸ ਮੁੱਦੇ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦਸਿਆ ਕਿ ਏਸ਼ੀਆਈ ਖ਼ੇਡਾਂ ਵਿਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਖ਼ਿਡਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਹਾਕੀ ਖ਼ਿਡਾਰੀ ਜਰਮਨਜੀਤ ਸਿੰਘ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।