ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।

Nagar Kirtan at Sri Nankana Sahib

ਨਨਕਾਣਾ ਸਾਹਿਬ:  ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਭਾਰਤ ਤੋਂ ਇਲਾਵਾ ਦੁਨੀਆਂ ਦੇ ਕਈ ਦੇਸ਼ਾਂ ਤੋਂ ਨਾਨਕ ਨਾਮ ਲੇਵਾ ਸੰਗਤਾਂ ਨੇ ਬਾਬੇ ਨਾਨਕ ਦੀ ਧਰਤੀ ਨੂੰ ਸਿਜਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਵਿਸ਼ਾਨ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਗਤਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਗੁਰਪੁਰਬ ਦੇ ਸਬੰਧ ਵਿਚ ਇੱਥੇ ਕੀਰਤਨ ਦਰਬਾਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮੁੱਖ ਸਮਾਗਮ ਮੌਕੇ ਵਾਘਾ ਬਾਰਡਰ ਤੋਂ 2500 ਤੋਂ ਵੱਧ ਸਿੱਖ ਅਤੇ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਨੇ ਸ਼ਿਰਕਤ ਕੀਤੀ। ਇਹ ਨਗਰ ਕੀਰਤਨ ਨਨਕਾਣਾ ਸਾਹਿਬ ਦੇ ਅੱਠ ਗੁਰਦੁਆਰਿਆਂ ਤੱਕ ਪਹੁੰਚਿਆ। ਨਨਕਾਣਾ ਸਾਹਿਬ ਵਿਖੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਸਪੀਰ ਨੂਰੁਲ ਹੱਕ ਕਾਦਰੀ ਸਨ।

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਪੰਡਾਲ ਬਣਾਇਆ ਗਿਆ। ਗੁਰਦੁਆਰੇ ਦੀ ਇਮਾਰਤ ਨੂੰ ਅੰਦਰ ਅਤੇ ਬਾਹਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸੇ ਤਰ੍ਹਾਂ ਪੰਡਾਲ ਵੀ ਫੁੱਲਾਂ ਨਾਲ ਸਜਾਇਆ ਗਿਆ। ਗੁਰਦੁਆਰਾ ਸਾਹਿਬ ਦੀ ਇਮਾਰਤ ’ਤੇ ਕੀਤੀ ਗਈ ਸੁੰਦਰ ਦੀਪਮਾਲਾ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀ।