ਸ਼ਰਧਾ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ,ਦਰਬਾਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Prakash Purab of Sri Guru Nanak Dev Ji celebrated at Darbar Sahib

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਉਚੇਚੇ ਤੌਰ 'ਤੇ ਪਹੁੰਚੀਆਂ। ਸਾਰਾ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਬਾਣੀ ਸਮਾਗਮ ਚੱਲਦਾ ਰਿਹਾ।  

ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ। ਇਸੇ ਤਰ੍ਹਾਂ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਖੂਬਸੂਰਤ ਦੀਪਮਾਲਾ ਕੀਤੀ ਗਈ, ਉੱਥੇ ਹੀ ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼ ਵੀ ਵੇਖਣ ਨੂੰ ਮਿਲਿਆ। ਇਸ ਮੌਕੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ ਜਿਨ੍ਹਾਂ ਨੇ ਸਰੋਵਰ ਦੇ ਕੰਢੇ ਮੋਮਬੱਤੀਆਂ ਅਤੇ ਦੇਸੀ ਘਿਓ ਦੇ ਦੀਵੇ ਬਾਲ ਕੇ ਦੀਪਮਾਲਾ ਕੀਤੀ।ਅਲੌਕਿਕ ਆਤਿਸ਼ਬਾਜ਼ੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉੱਪਰ ਪੂਰਾ ਅਸਮਾਨ ਰੌਸ਼ਨੀ ਦੇ ਨਾਲ ਜਗਮਗਾ ਉੱਠਿਆ।

ਮੌਕੇ ਤੇ ਗੱਲਬਾਤ ਕਰਦੇ ਹੋਏ ਨਤਮਸਤਕ ਹੋਣ ਆਈ ਸੰਗਤ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਜੀ ਨੇ ਹਮੇਸ਼ਾਂ ਸਾਨੂੰ ਹੱਥਾਂ ਨਾਲ ਕਿਰਤ ਕਰਨ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਵਿੱਚ ਵਹਿਮਾਂ ਭਰਮਾਂ ਨੇ ਪੂਰੀ ਤਰ੍ਹਾਂ ਨਾਲ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਹੋਇਆ ਸੀ ਜਿਨ੍ਹਾਂ ਨੂੰ ਖਤਮ ਕਰਨ ਲਈ ਗੁਰੂ ਨਾਨਕ ਪਾਤਸ਼ਾਹ ਜੀ ਵੱਲੋਂ ਚਾਰ ਉਦਾਸੀਆਂ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਵੀਹ ਸਾਲ ਦੀ ਉਮਰ ਦੇ ਵਿਚ ਗੁਰੂ ਨਾਨਕ ਪਾਤਸ਼ਾਹ ਦੇ ਪਿਤਾ ਮਹਿਤਾ ਕਾਲੂ ਜੀ ਨੇ ਉਨ੍ਹਾਂ ਨੂੰ ਵੀਹ ਰੁਪਏ ਦੇ ਕੇ ਵਪਾਰ ਕਰਨ ਲਈ ਭੇਜਿਆ ਪਰ ਗੁਰੂ ਨਾਨਕ ਪਾਤਸ਼ਾਹ ਜੀ ਉਨ੍ਹਾਂ ਵੀਹ ਰੁਪਇਆ ਦਾ ਭੋਜਨ ਖ਼ਰੀਦ ਕੇ ਭੁੱਖੇ ਸਾਧੂਆਂ ਨੂੰ ਛਕਾਇਆ ਅਤੇ ਉਹੀ ਲੰਗਰ ਅੱਜ ਤੱਕ ਚੱਲ ਰਹੇ ਹਨ। ਇਸ ਮੌਕੇ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ 'ਤੇ ਵੀ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਸ਼ੁਕਰਾਨਾ ਕੀਤਾ ਗਿਆ।