ਉਤਰ ਪ੍ਰਦੇਸ਼ ਦੇ ਗੁਰਦਵਾਰਾ ਨਾਨਕ ਪਿਆਉ 'ਚ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਕੀਤੀ ਭਰਵੀਂ ਸ਼ਿਰਕਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ...

Guru Nanak Dev Ji

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਤਰ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਨਿਰੰਤਰਤਾ ਵਿਚ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕ ਪਿਆਉ ਮਹਿੰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। 

ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਕਾਰ ਸੇਵਾ ਸਰਹਾਲੀ ਵਾਲਿਆਂ ਦੇ ਸਹਿਯੋਗ ਨਾਲ ਹੋਏ ਇਨ੍ਹਾਂ ਸਮਾਗਮ ਦੌਰਾਨ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ। ਸਮਾਗਮ ਵਿਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਤਰ ਪ੍ਰਦੇਸ਼ ਤੇ ਉਤਰਾਖੰਡ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਸਿਆ ਹੈ ਕਿ ਯੂਪੀ ਦੇ ਮਹਿੰਗਾਪੁਰ ਵਿਖੇ ਆਯੋਜਤ ਸਮਗਾਮਾਂ ਦੇ ਪਹਿਲੇ ਦਿਨ 18 ਮਾਰਚ ਨੂੰ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਸੰਗਤ ਨੇ ਵੱਡੀ ਪੱਧਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਦਸਿਆ ਕਿ ਗੁਰਮਤਿ ਸਮਗਾਮਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। 

ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਸਰਬਜੀਤ ਸਿੰਘ ਲੁਧਿਆਣਾ ਤੇ ਗਿਆਨੀ ਰਤਨ ਸਿੰਘ ਕਥਾਵਾਚਕ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਸਥਾਨਕ ਰਾਗੀ ਜਥਿਆਂ ਨੇ ਵੀ ਹਾਜ਼ਰੀ ਭਰੀ ਤੇ ਢਾਡੀ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਾਇਆ। ਸਮਾਗਮ ਸਮੇਂ ਹੋਏ ਅੰਮ੍ਰਿਤ ਸੰਚਾਰ ਵਿਚ 200 ਤੋਂ ਜ਼ਿਆਦਾ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ।