ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵੱਖ-ਵੱਖ ਇਤਿਹਾਸਕ ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ ਨਗਰ ਕੀਰਤਨ

Nagar kirtan

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 20 ਮਾਰਚ ਨੂੰ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਵਿਸ਼ਾਲ ਨਗਰ ਕੀਰਤਨ ਕਢਿਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ ।

ਪੰਜਾਬ, ਹਰਿਆਣਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਇਹ ਨਗਰ ਕੀਰਤਨ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤ ਅੰਦਰ ਜਾਗਰੂਕਤਾ ਅਤੇ ਪ੍ਰੇਰਣਾ ਪੈਦਾ ਕਰੇਗਾ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਨਗਰ ਕੀਰਤਨ ਸਬੰਧੀ ਸੰਗਤਾਂ ਅਤੇ ਸਰਕਾਰ ਨੂੰ ਅਪੀਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਹੈ ਜੋ ਕਿ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਸਦਕਾ ਪ੍ਰੇਰਿਤ ਕਰਨ ਲਈ ਕਢਿਆ ਜਾ ਰਿਹਾ ਹੈ।

ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਉਹਨਾਂ ਨੇ ਕਿਹਾ ਕਿ ਸਰਕਾਰਾਂ ਸੰਗਤਾਂ ਨੂੰ ਕੋਰੋਨਾ ਪ੍ਰਤੀ ਗੁੰਮਰਾਹ ਕਰਨ ਦੀ ਬਜਾਏ ਸੁਚੇਤ ਕਰੇ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ 1 ਮਈ ਨੂੰ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ’ਤੇ ਜਾ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫਲਸਫੇ ਅਤੇ ਬਾਣੀ ਦਾ ਪ੍ਰਚਾਰ ਕਰੇਗਾ। ਇਸ ਤੋਂ ਇਲਾਵਾ ਉਹਨਾਂ ਨੇ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਕੋਰੋਨਾ ਵਾਇਰਸ ਸਰਕਾਰ ਦੀ ਮਰਜ਼ੀ ਨਾਲ ਚਲਦਾ ਹੈ ਕਿ ਕਿਹੜੀ ਸਟੇਟ ਵਿਚ ਜਾਣਾ ਹੈ ਤੇ ਕਿਹੜੀ ਵਿਚ ਨਹੀਂ।