ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਸੰਗਤਾਂ ਅਨੰਦਪੁਰ ਸਾਹਿਬ ਪੁੱਜਣ: ਬਾਬਾ ਬਲਬੀਰ ਸਿੰਘ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਮੂਹ ਨਿਹੰਗ ਸਿੰਘ ਦਲਾਂ ਨੇ ਕੀਤਾ ਸਾਂਝਾ ਗੁਰਮਤਾ

Nihang Singh

ਸ਼੍ਰੀ ਅਨੰਦਪੁਰ ਸਾਹਿਬ : ਸਮੂਹ ਨਿਹੰਗ ਸਿੰਘ ਦਲਾਂ ਤੇ ਪੰਥਾਂ ਦੇ ਮੁਖੀ ਜਥੇਦਾਰਾਂ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸਾਂਝੇ ਤੌਰ ’ਤੇ ਗੁਰਮਤਾ ਕੀਤਾ ਹੈ ਕਿ ਗੁਰੂ ਪਾਤਸ਼ਾਹਾਂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਪੁਰਾਤਨ ਰਵਾਇਤ ਅਨੁਸਾਰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੋਲਾ ਮਹੱਲਾ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਵਧ ਚੜ੍ਹ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 27, 28 ਤੇ 29 ਮਾਰਚ ਨੂੰ ਹੋਲਾ-ਮਹੱਲਾ ਪੂਰੇ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ।

ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਦਸਿਆ ਕਿ ਗੁਰੂ ਸਾਹਿਬ ਵਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ-ਮਹੱਲੇ ਦਾ ਤਿਉਹਾਰ ਹਰ ਸਾਲ ਸਾਰੇ ਨਿਹੰਗ ਸਿੰਘਾਂ ਦੇ ਦਲਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ। ਇਸ ਵਾਰ ਵੀ ਅੱਗੇ ਨਾਲੋਂ ਵੀ ਵੱਧ ਚੜ੍ਹ ਕੇ ਮਨਾਇਆ ਜਾਵੇਗਾ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਸਥਾਨਕ ਛਾਉਣੀ ਗੁਰੂ ਕੇ ਬਾਗ਼ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਜਥੇ: ਬਾਬਾ ਗੱਜਣ ਸਿੰਘ, ਜਥੇ: ਬਾਬਾ ਅਵਤਾਰ ਸਿੰਘ, ਜਥੇ: ਬਾਬਾ ਨਿਹਾਲ ਸਿੰਘ ਨੇ ਗੁਰਮਤਿ ਵਿਚਾਰਾਂ ਉਪਰੰਤ ਗੁਰਮਤਾ ਕੀਤਾ ਅਤੇ ਸਮੂਹ ਸੰਗਤਾਂ ਨੂੰ ਵਧ ਚੜ੍ਹ ਕੇ ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਪੁੱਜਣ ਲਈ ਸੱਦਾ ਦਿਤਾ ਹੈ।

ਉਨ੍ਹਾਂ ਕਿਹਾ ਇਸ ਵਾਰ 27, 28 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ। ਸਿੱਖ ਪੰਥ ਵਿਚ ਵੱਖ-ਵੱਖ ਖੇਤਰਾਂ ਨਾਲ ਅਹਿਮ ਸਥਾਨ ਰੱਖਦੀਆਂ ਪੰਜ ਸਖ਼ਸੀਅਤਾਂ ਨੂੰ ਵਿਸ਼ੇਸ਼ ਅਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਸ. ਬੇਦੀ ਨੇ ਦੱਸਿਆ ਕਿ 29 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਛਾਉਣੀ ਬੁੱਢਾ ਦਲ ਤੋਂ ਮਹੱਲਾ ਕਢਿਆ ਜਾਵੇਗਾ।