ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ

SGPC

ਸੁਲਤਾਨਪੁਰ ਲੋਧੀ : ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਕ ਮਹਾਂਪੁਰਖਾਂ, ਧਾਰਮਕ ਜਥੇਬੰਦੀਆਂ, ਸਮਾਜਕ ਸੰਸਥਾਵਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਬੈਠਕ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। 

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਵਿਸ਼ਵ ਪਧਰੀ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸ਼ਤਾਬਦੀ ਨੂੰ ਸਮਰਪਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ।

ਉਸ ਤੋਂ ਬਾਅਦ ਸਰਵ ਧਰਮ ਸੰਮੇਲਨ ਗੁਰਦੁਆਰਾ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੋਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ ਜਿਸ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਰਚਿਤ ਰਾਗਾਂ ਦੇ ਆਧਾਰਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਕ ਸਮਾਗਮ ਹੋਵੇਗਾ ਜਿਸ ਵਿਚ ਭਾਰਤ ਦੇ ਰਾਸ਼ਟਰਪਤੀ ਸਮੇਤ ਹੋਰ ਸ਼ਖ਼ਸੀਅਤਾਂ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਦੇਸ਼-ਵਿਦੇਸ਼ ਦੀਆਂ ਹੋਰ ਮੁੱਖ ਹਸਤੀਆਂ ਸ਼ਿਰਕਤ ਕਰਨਗੀਆਂ।