ਹਰਿਆਣਾ ’ਚ ਗੁਰਦੁਆਰਿਆਂ ਦੇ ਪ੍ਰਬੰਧ ’ਤੇ ਕਬਜ਼ੇ ਨੂੰ ਲੈ ਕੇ ਜਥੇਦਾਰ ਦਾ ਬਿਆਨ, “ਅੰਗਰੇਜ਼ਾਂ ਦੀ ਲੀਹ ’ਤੇ ਤੁਰੀ ਸਰਕਾਰ”

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ : ਕੋਈ ਧੱਕੇ ਨਾਲ ਗੁਰਦੁਆਰਿਆਂ ’ਤੇ ਕਾਬਜ ਹੋਵੇ ਇਹ ਬਰਦਾਸ਼ਤ ਨਹੀਂ ਕਰਾਂਗੇ

Giani Harpreet Singh

 

ਅੰਮ੍ਰਿਤਸਰ: ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ’ਤੇ ਕਬਜ਼ੇ ਨੂੰ ਲੈ ਕੇ ਹਰਿਆਣਾ ਦੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਵਿਵਾਦ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੁਨਿਆਦ ਰੱਖਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਅਤੇ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰ ਰਹੇ ਹਾਂ। ਇਹਨਾਂ ਕੁਰਬਾਨੀਆਂ ਦਾ ਕਾਰਨ ਇਹੀ ਸੀ ਕਿ ਬ੍ਰਿਟਿਸ਼ ਸਰਕਾਰ ਧਾਰਮਿਕ ਪ੍ਰਬੰਧਾਂ ਅਤੇ ਕੰਮਾਂ ਵਿਚ ਦਖਲਅੰਦਾਜ਼ੀ ਕਰ ਰਹੀ ਸੀ।

ਇਹ ਵੀ ਪੜ੍ਹੋ : ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਉਸਾਰੀ ਲਈ ਰਾਹ ਪੱਧਰਾ, ਸਾਰੀਆਂ ਧਿਰਾਂ ’ਚ ਬਣੀ ਸਹਿਮਤੀ 

ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਅੰਗਰੇਜ਼ਾਂ ਦੀ ਲੀਹ ’ਤੇ ਤੁਰੀ ਜਾਪਦੀ ਹੈ। ਸੁਪਰੀਮ ਕੋਰਟ ਨੇ ਹਰਿਆਣਾ ਗੁਰਦੁਆਰਾ ਐਕਟ ਨੂੰ ਮਾਨਤਾ ਦਿੱਤੀ ਹੈ ਪਰ ਉਸ ਨੇ ਗੁਰਦੁਆਰਾ ਐਕਟ 1925 ਨੂੰ ਰੱਦ ਨਹੀਂ ਕੀਤਾ। ਇਹ ਐਕਟ ਅੱਜ ਵੀ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣੇ ਦੇ ਗੁਰਦੁਆਰਿਆਂ ਦਾ ਪ੍ਰਬੰਧ ਇਸੇ ਐਕਟ ਤਹਿਤ ਸਾਂਭ ਰਹੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਜਥੇਦਾਰ ਨੇ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਸੰਸਦ ਰਾਹੀਂ 1925 ਐਕਟ ਵਿਚ ਸੋਧ ਕਰਕੇ ਹਰਿਆਣੇ ਦੇ ਗੁਰਦੁਆਰਿਆਂ ਨੂੰ ਡੀਨੋਟੀਫਾਈ ਨਹੀਂ ਕਰਦੀ, ਉਦੋਂ ਤੱਕ ਕੋਈ ਧੱਕੇ ਨਾਲ ਗੁਰਦੁਆਰਿਆਂ ’ਤੇ ਕਾਬਜ ਹੋਵੇ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਧੇ ਤੌਰ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ। ਵਿਰੋਧ ਕਰ ਰਹੇ ਸਿੱਖਾਂ ਉੱਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਉਹਨਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ। ਕਈ ਨੌਜਵਾਨਾਂ ਬਾਰੇ ਜਾਣਕਾਰੀ ਨਹੀਂ ਮਿਲ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਰੂਬਲ ਸੰਧੂ ਨੇ ਤੁਰਕੀ ਅੰਬੈਸੀ ਦੇ ਅਧਿਕਾਰੀ ਨਾਲ ਮੁਲਾਕਾਤ ਕਰ ਕੀਤੀ ਮਦਦ ਦੀ ਪੇਸ਼ਕਸ਼

ਉਹਨਾਂ ਕਿਹਾ 1978 ਵਿਚ ਕਾਂਗਰਸ ਵੱਲੋਂ ਜੋ ਖੇਡ ਖੇਡੀ ਗਈ ਸੀ, ਭਾਜਪਾ ਵੀ ਉਹੀ ਕਰ ਰਹੀ ਹੈ। ਇਹ ਲੋਕ ਸਿੱਖਾਂ ਨੂੰ ਪਰੇਸ਼ਾਨ ਕਰਕੇ ਅਤੇ ਤਸ਼ੱਦਦ ਕਰਕੇ ਪੰਜਾਬ ਵਿਚ ਕਾਮਯਾਬ ਹੋਣਾ ਚਾਹੁੰਦੇ ਹਨ। ਇਸ ਨੂੰ ਪੰਥ  ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਣਾ ਹੈ ਤਾਂ ਉਸ ਲਈ ਟੇਬਲ 'ਤੇ ਬੈਠ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਜਥੇਦਾਰ ਨੇ ਗੁਰਦੁਆਰਾ ਸਾਹਿਬਾਨਾਂ 'ਤੇ ਕਬਜਾ ਕਰਨ ਦੇ ਤਰੀਕੇ 'ਤੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।