Panthak News: ਦੀਵਾਨ ਹਾਲ ਵਿਚ ਨਾਚ ਗਾਣੇ ਕਰਵਾਉਣ ਦਾ ਜਥੇਦਾਰ ਅਕਾਲ ਤਖ਼ਤ ਨੇ ਲਿਆ ਨੋਟਿਸ
Panthak News: ਉਨ੍ਹਾਂ SGPC ਨੂੰ ਆਦੇਸ਼ ਦਿਤਾ ਹੈ ਕਿ ਉਹ ਇਸ ਘਟਨਾ ਦੀ ਤੁਰਤ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇ
Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਬਾਬਾ ਦਲੀਪ ਸਿੰਘ ਪਿੰਡ ਨੰਗਲ ਲੁਬਾਣਾ, ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਨਿਜੀ ਲਾਲਚ ਲਈ ਗੁਰਦਵਾਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਦੇ ਉਲਟ ਢੋਲ-ਢਮੱਕੇ ਨਾਲ ਤੀਆਂ ਦਾ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦੇ ਕੇ ਬੱਜਰ ਗ਼ਲਤੀ ਕੀਤੀ ਹੈ, ਜੋ ਗੁਰਮਤਿ ਦੀ ਘੋਰ ਉਲੰਘਣਾ ਹੈ ਅਤੇ ਬਰਦਾਸ਼ਤਯੋਗ ਨਹੀਂ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿਤਾ ਹੈ ਕਿ ਉਹ ਇਸ ਘਟਨਾ ਦੀ ਤੁਰਤ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇ ਅਤੇ ਪ੍ਰਬੰਧਕਾਂ ਵਿਰੁਧ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਵੇ। ਉਨ੍ਹਾਂ ਇਹ ਵੀ ਆਖਿਆ ਕਿ ਨੰਗਲ ਲੁਬਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਰੋਧੀ ਕਾਰਜ ਕਰਵਾਉਣ ਦੀ ਇਜਾਜ਼ਤ ਦੇਣ ਵਾਲੇ ਪ੍ਰਬੰਧਕਾਂ ਵਿਰੁਧ ਸਿੱਖ ਪ੍ਰੰਪਰਾਵਾਂ ਅਨੁਸਾਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਆਖਿਆ ਕਿ ਗੁਰਦੁਆਰਾ ਸਾਹਿਬਾਨ ਗੁਰਮਤਿ ਪ੍ਰਚਾਰ-ਪ੍ਰਸਾਰ ਦੇ ਕੇਂਦਰ ਹਨ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਦੇ ਅੰਦਰ ਕਿਸੇ ਵੀ ਸੂਰਤ ਵਿਚ ਸਿੱਖੀ ਅਸੂਲਾਂ ਦੇ ਉਲਟ ਗਤੀਵਿਧੀਆਂ ਨੂੰ ਇਜਾਜ਼ਤ ਨਾ ਦਿਤੀ ਜਾਵੇ।