ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੋਬਿੰਦ ਸਿੰਘ ਲੌਂਗੋਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਚਲਾਣੇ 'ਤੇ ਗਹਿਰਾ ਅਫ਼ਸੋਸ ਪ੍ਰਗਟ

gobind singh longowal

ਅੰਮ੍ਰਿਤਸਰ, 21 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਚਲਾਣੇ 'ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ  ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਉਭਾਰਨ ਵਿਚ ਭਾਈ ਗੁਰਬਖ਼ਸ਼ ਸਿੰਘ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ  ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਬਚਾਉਣ ਵਿਚ ਅਣਗਹਿਲੀ ਵਰਤਣ ਵਾਲੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਸਰਕਾਰ ਪਾਸੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਇਰਾਕ ਵਿਚ ਮਾਰੇ ਗਏ ਭਾਰਤੀਆਂ ਲਈ ਅਫ਼ਸੋਸ ਪ੍ਰਗਟਾਉਂਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰੇ।