ਪੰਜਾਬ ਦੇ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਨਾਮਨਜ਼ੂਰ ਕਰਨ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਧਾਮੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਸੋਧ ਬਿੱਲ ਕਾਨੂੰਨ ਦੇ ਵਿਰੁਧ ਹੈ

Shiromani Committee delegation met Governor of Punjab

 

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਰਾਜਪਾਲ ਨਾਲ ਸਿੱਖ ਗੁਰਦੁਆਰਾ ਸੋਧ ਬਿੱਲ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਬਿੱਲ ਮਨਜ਼ੂਰ ਨਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਮਣੀਪੁਰ ਹਿੰਸਾ: ਗ੍ਰਹਿ ਮੰਤਰੀ ਨੇ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ  

ਧਾਮੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਸੋਧ ਬਿੱਲ ਕਾਨੂੰਨ ਦੇ ਵਿਰੁਧ ਹੈ, ਗੁਰਦੁਆਰਾ ਐਕਟ ਵਿਚ ਸੋਧ ਦਾ ਵਿਸ਼ਾ ਕੇਂਦਰ ਦਾ ਵਿਸ਼ਾ ਹੈ। । ਉਨ੍ਹਾਂ ਦਸਿਆ ਕਿ ਰਾਜਪਾਲ ਬਿੱਲ ਨੂੰ ਸੰਵਿਧਾਨਕ ਤੌਰ ’ਤੇ ਪਰਖਣਗੇ। ਉਨ੍ਹਾਂ ਕਿਹਾ ਕਿ ਇਸ ਮਗਰੋਂ ਕੇਂਦਰ ਸਰਕਾਰ ਤਕ ਵੀ ਪਹੁੰਚ ਕੀਤੀ ਜਾਵੇਗੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਅਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿੱਖ ਮਾਮਲਿਆਂ ਨੂੰ ਉਲਝਾ ਰਹੀ ਹੈ। ਸਰਕਾਰ ਵਲੋਂ ਵਿਧਾਨ ਸਭਾ ਅੰਦਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਦਖ਼ਲਅੰਦਾਜ਼ੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਬਿਹਾਰ 'ਚ ਦੋ ਵੱਡੀਆਂ ਬੈਂਕਾਂ ਚ ਮਾਰਿਆ ਡਾਕਾ, 45 ਲੱਖ ਤੋਂ ਵੱਧ ਦੀ ਹੋਈ ਲੁੱਟ 

ਇਹ ਕਦਮ ਸਿੱਧੇ ਤੌਰ `ਤੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਨਾਲ ਕੇਂਦਰ ਸਰਕਾਰ ਵਲੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ। ਐਡਵੋਕੇਟ ਧਾਮੀ ਦੇ ਆਖਿਆ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਤਾਂ ਨਿਰੋਲ ਪ੍ਰਬੰਧਕੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਅਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ ਪਰ ਸਿੱਖ ਕੌਮ ਅਜਿਹਾ ਨਹੀਂ ਹੋਣ ਦੇਵੇਗੀ।

ਇਹ ਵੀ ਪੜ੍ਹੋ: ਪੱਛੜੇ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਦਿਤੇ ਜਾਣ ਬਰਾਬਰ ਮੌਕੇ : ਹਾਈ ਕੋਰਟ 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਦੀ ਗ਼ੈਰ-ਸੰਵਿਧਾਨਕ ਹਰਕਤ ਬਾਰੇ ਵਿਸਥਾਰ ਵਿਚ ਦੱਸਿਆ ਗਿਆ ਹੈ ਅਤੇ ਉਨ੍ਹਾਂ ਨੇ ਵਿਸ਼ਵਾਸ਼ ਦੁਆਇਆ ਹੈ ਕਿ ਉਹ ਸੰਵਿਧਾਨ ਅਨੁਸਾਰ ਇਸ ਬਿੱਲ ਦੀ ਘੋਖ ਕਰਨਗੇ। ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਘਰ-ਘਰ ਗੁਰਬਾਣੀ ਪਹੁੰਚਾਉਣ ਦੇ ਨਾਂ ’ਤੇ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੇ ਹਨ।

ਇਹ ਵੀ ਪੜ੍ਹੋ: ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ  

ਉਹਨਾਂ ਕਿਹਾ ਕਿ ਪੀ.ਟੀ.ਸੀ. ਚੈਨਲ ਨਾਲ ਸਾਡੇ ਕੋਈ ਨਿੱਜੀ ਸਰੋਕਾਰ ਨਹੀਂ ਹੈ। ਅਸੀਂ ਇਕ ਸਾਲ ਪਹਿਲਾਂ ਹੀ ਕਹਿ ਦਿਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਅਪਣਾ ਚੈਨਲ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਬ ਨੇ ਤਾਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵੀ ਕਿਹਾ ਸੀ, ਸਰਕਾਰ ਨੇ ਉਸ ’ਤੇ ਵਿਚਾਰ ਕਿਉਂ ਨਹੀਂ ਕੀਤਾ। ਰਾਜਪਾਲ ਨੂੰ ਮਿਲੇ ਇਸ ਵਫ਼ਦ ਵਿਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ. ਸ਼ਾਹਬਾਜ਼ ਸਿੰਘ ਅਤੇ  ਲਖਵੀਰ ਸਿੰਘ ਸ਼ਾਮਲ ਸਨ।